ਪੰਜਾਬ ਦੇ 10 ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਹੁਣ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ (ਏਜੀ) ਨਿਯੁਕਤ ਕੀਤਾ ਗਿਆ ਹੈ। ਮੰਤਰੀ ਮੰਡਲ ਵੱਲੋਂ ਅੱਜ ਸਹੁੰ ਚੁੱਕਣ ਤੋਂ ਬਾਅਦ ‘ਆਪ’ ਸਰਕਾਰ ਸਰਗਰਮ ਹੁੰਦੀ ਨਜ਼ਰ ਆ ਰਹੀ ਹੈ। ਨਵੇਂ ਚੁਣੇ ਗਏ ਏਜੀ ਅਨਮੋਲ ਰਤਨ ਸਿੱਧੂ ਨੂੰ ਡੀਐਸ ਪਟਵਾਲੀਆ ਦੀ ਥਾਂ ਨਿਯੁਕਤ ਕੀਤਾ ਗਿਆ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਸਰਵਉੱਚ ਕਾਨੂੰਨ ਅਧਿਕਾਰੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਨੇ ਅੱਜ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਪਹਿਲਾਂ ਡਿਪਟੀ ਐਡਵੋਕੇਟ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਤੇ ਇਸ ਦੇ ਨਾਲ ਹੀ ਹਰਿਆਣਾ ਦੇ ਐਡੀਸ਼ਨਲ ਏਜੀ ਵੀ ਰਹਿ ਚੁੱਕੇ ਹਨ। ਏਜੀ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਸਿਰਫ ਇੱਕ ਰੁਪਿਆ ਤਨਖਾਹ ਲੈਣਗੇ। ਬਾਕੀ ਪੈਸਾ ਅੰਮ੍ਰਿਤਸਰ ਈਸਟ ਦੇ ਮਕਬੂਲਪੁਰਾ ਵਿੱਚ ਨਸ਼ਾ ਪੀੜਤਾਂ ਨੂੰ ਦਾਨ ਦੇਣਗੇ।
ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਵੀ ਉਨ੍ਹਾਂ ਨੂੰ ਏਜੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਦੀ ਨਿਯੁਕਤੀ ‘ਤੇ ਪੇਚ ਫਸ ਗਿਆ ਸੀ। ਮਨਮੋਹਨ ਸਿੰਘ ਦੀ ਕੇਂਦਰ ਵਿੱਚ ਸਰਕਾਰ ਦੇ ਕਾਰਜਕਾਲ ਦੌਰਾਨ ਅਨਮੋਲ ਰਤਨ ਸਿੰਘ ਸਿੱਧੂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਅਸਿਸਟੈਂਟ ਸਾਲਿਸਟਰ ਜਨਰਲ ਆਫ ਇੰਡੀਆ ਵੀ ਰਹੇ ਹਨ ਉਹ ਬਾਰ ਕੌਂਸਲ ਦੇ ਚੇਅਰਮੈਨ ਤੇ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਵੀ ਰਹੇ ਹਨ। ਉਹ ਪੰਜਾਬ ਦੇ ਅਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਵੀ ਕੰਮ ਕਰ ਚੁੱਕੇ ਹਨ।