ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰਚ ਵਿੱਚ ਕੀਤੀ ਸੀ। ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ 19 ਜੁਲਾਈ ਨੂੰ ਹੀ ਸਰਕਾਰ ਕੋਲ ਚਲਾ ਗਿਆ ਸੀ। ਜਿਸ ਤਰੀਕ ਨੂੰ ਉਨ੍ਹਾਂ ਨੇ ਅਸਤੀਫਾ ਦਿੱਤਾ, ਉਸ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰੋਫੈਸਰ ਦਵਿੰਦਰ ਭੁੱਲਰ ਦੇ ਕੇਸ ਦੀ ਸੁਣਵਾਈ ਕੀਤੀ ਸੀ। ਜਿਸ ਵਿੱਚ ਉਨ੍ਹਾਂ ਦੇ ਦਫ਼ਤਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ 5 ਵਾਰ ਰਿਹਾਈ ਲਈ ਮਨਜ਼ੂਰੀ ਭੇਜੀ ਹੈ। ਇਹ ਮਾਮਲਾ ਦਿੱਲੀ ਸਰਕਾਰ ਕੋਲ ਵਿਚਾਰ ਅਧੀਨ ਹੈ। ਹਾਲਾਂਕਿ ਐਡਵੋਕੇਟ ਸਿੱਧੂ ਨੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸਿਆ ਹੈ। ਦੱਸ ਦੇਈਏ ਕਿ ਨਵੇਂ ਏਜੀ ਲਈ ਸੀਨੀਅਰ ਵਕੀਲ ਵਿਨੋਦ ਘਈ ਦਾ ਨਾਂ ਚਰਚਾ ਵਿੱਚ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਨਾਂ ਰਾਜਪਾਲ ਨੂੰ ਭੇਜ ਦਿੱਤਾ ਹੈ।
