ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਆਹਮੋ-ਸਾਹਮਣੇ ਆ ਗਏ ਹਨ। ਸੂਬੇ ਦੇ ਖੇਤੀਬਾੜੀ ਮੰਤਰੀ ਕੇ.ਐਸ.ਧਾਲੀਵਾਲ ਨੇ ਰਾਜਪਾਲ ਨੂੰ ਮੁਆਫੀ ਮੰਗਣ ਦੀ ਅਪੀਲ ਕੀਤੀ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੂਬਾ ਸਰਕਾਰ ਤੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ ਕੁਲਪਤੀ (vice chancellor) ਨੂੰ ਹਟਾਉਣ ਦੀ ਮੰਗ ਕੀਤੀ ਸੀ ਅਤੇ ਨਿਯੁਕਤੀ ਦੇ ਫੈਸਲੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਜਪਾਲ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਇਹ ਯੂਨੀਵਰਸਿਟੀ ਸੂਬੇ ਵਿੱਚ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਬੋਰਡ ਵੱਲੋਂ ਨਿਯੁਕਤ ਵੀਸੀ ਦਾ ਅਪਮਾਨ ਕੀਤਾ ਹੈ, ਜੋ ਸੂਬੇ ਦੇ ਲੋਕਾਂ ਦੀ ਨੁਮਾਇੰਦਗੀ ਕਰਦਾ ਹੈ।
ਦੱਸ ਦੇਈਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ-ਪੀਏਯੂ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਨੂੰ ਅਹੁਦੇ ਤੋਂ ਹਟਾਉਣ ਲਈ ਕਿਹਾ ਸੀ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਰਾਜਪਾਲ ਨੇ ਕਿਹਾ ਕਿ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਉਨ੍ਹਾਂ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਆਮ ਤੌਰ ‘ਤੇ ਰਾਜਪਾਲ ਹੀ ਪੀਏਯੂ ਦਾ ਵਾਈਸ ਚਾਂਸਲਰ ਹੁੰਦਾ ਹੈ।
ਆਪਣੇ ਪੱਤਰ ਵਿੱਚ ਰਾਜਪਾਲ ਨੇ ਕਿਹਾ ਕਿ ਵੀਸੀ ਦੀ ਨਿਯੁਕਤੀ ਯੂਜੀਸੀ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਹੈ ਅਤੇ ਇਹ ਨਿਯੁਕਤੀ ਰਾਜਪਾਲ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਹੈ। ਰਾਜਪਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਨਿਯੁਕਤੀ ਦੇ ਫੈਸਲੇ ਨੂੰ ਕਿਸੇ ਤਰਕ ਨਾਲ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਪੰਜਾਬ ਸਰਕਾਰ ਵੱਲੋਂ ਸਤਬੀਰ ਸਿੰਘ ਗੋਸਲ ਨੂੰ ਪੀਏਯੂ ਦਾ ਵੀਸੀ ਨਿਯੁਕਤ ਕੀਤਾ ਗਿਆ ਹੈ, ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਬਿਨਾਂ ਕਿਸੇ ਦੇਰੀ ਦੇ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਵੀਸੀ ਨੂੰ ਹਟਾ ਦਿੱਤਾ ਜਾਵੇ।