ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਮਾਰਗਲਾ ਥਾਣੇ ਦੇ ਇਲਾਕਾ ਮੈਜਿਸਟਰੇਟ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਦਰਜ ਕੇਸ ਦੇ ਸਬੰਧ ਵਿੱਚ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਇਹ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਸ਼ੁੱਕਰਵਾਰ (30 ਸਤੰਬਰ) ਨੂੰ ਇਮਰਾਨ ਖਾਨ ਇਸਲਾਮਾਬਾਦ ਦੀ ਇੱਕ ਸੈਸ਼ਨ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਵਧੀਕ ਸੈਸ਼ਨ ਜੱਜ ਜੇਬਾ ਚੌਧਰੀ ਤੋਂ ਮੁਆਫੀ ਮੰਗੀ ਸੀ। ਇਮਰਾਨ ਖਾਨ ਨੇ ਇੱਕ ਜਨਤਕ ਰੈਲੀ ‘ਚ ਮਹਿਲਾ ਜੱਜ ਜੇਬਾ ਚੌਧਰੀ ਨੂੰ ਕਥਿਤ ਤੌਰ ‘ਤੇ ਧਮਕੀ ਦਿੱਤੀ ਸੀ।
20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ, ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੁਖੀ ਇਮਰਾਨ ਖਾਨ ਨੇ ਆਪਣੇ ਸਹਿਯੋਗੀ ਸ਼ਾਹਬਾਜ਼ ਗਿੱਲ ਦੇ ਨਾਲ ਹੋਏ ਵਿਵਹਾਰ ਨੂੰ ਲੈ ਕੇ ਉੱਚ ਪੁਲਿਸ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਵਿਰੁੱਧ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ। ਸ਼ਾਹਬਾਜ਼ ਗਿੱਲ ਨੂੰ ਦੇਸ਼ ਧ੍ਰੋਹ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ।
ਇਮਰਾਨ ਖਾਨ ਨੇ ਜੱਜ ਜੇਬਾ ਚੌਧਰੀ ਨੂੰ ਕਿਹਾ ਸੀ ਕਿ ਉਹ ਆਪਣੇ ਆਪ ਨੂੰ ਤਿਆਰ ਕਰਨ ਕਿਉਂਕਿ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਪੁਲੀਸ ਦੀ ਬੇਨਤੀ ’ਤੇ ਜੱਜ ਜੇਬਾ ਚੌਧਰੀ ਨੇ ਸ਼ਾਹਬਾਜ਼ ਗਿੱਲ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ ਸੀ। ਉਨ੍ਹਾਂ ਨੇ ਰੈਲੀ ਦੌਰਾਨ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਗਿੱਲ ‘ਤੇ ਅਣਮਨੁੱਖੀ ਤਸ਼ੱਦਦ ਕਰਨ ਲਈ ਉਨ੍ਹਾਂ ਵਿਰੁੱਧ ਕੇਸ ਦਰਜ ਕਰਨ ਦੀ ਕਸਮ ਖਾਧੀ ਸੀ।