ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਅਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਹੋ ਗਈ ਹੈ। ਕਾਂਗਰਸੀ ਵਿਧਾਇਕਾਂ ਸੁਖਪਾਲ ਖਹਿਰਾ ਅਤੇ ਪ੍ਰਗਟ ਸਿੰਘ ਨੇ ਕੁੱਝ ਦਸਤਾਵੇਜ਼ ਜਾਰੀ ਕੀਤੇ। ਜਿਸ ਦੇ ਆਧਾਰ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਜਰੀਵਾਲ ਨੂੰ ‘ਆਪ’ ਦਾ ਪੰਜਾਬ ਕਨਵੀਨਰ ਦਿਖਾਉਂਦੇ ਹੋਏ ਪੰਜਾਬ ਪੁਲਿਸ ਤੋਂ ਜ਼ੈੱਡ ਸੁਰੱਖਿਆ ਦਿੱਤੀ ਗਈ ਹੈ। ਪੰਜਾਬ ‘ਚ ‘ਆਪ’ ਦੇ ਮੁਖੀ ਭਗਵੰਤ ਮਾਨ ਹਨ। ਕਾਂਗਰਸ ਨੇ ਇਸ ਨੂੰ ਧੋਖਾਧੜੀ ਕਰਾਰ ਦਿੱਤਾ ਹੈ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਹੁਣ ਦਾਅਵਾ ਕੀਤਾ ਹੈ ਕਿ ਕਾਂਗਰਸ ਵੱਲੋਂ ਦਿਖਾਏ ਗਏ ਦਸਤਾਵੇਜ਼ ਅਧਿਕਾਰਤ ਨਹੀਂ ਹਨ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਇਹ ਟਾਈਪ ਕੀਤਾ ਗਿਆ ਸੀ। ਜਿਸ ਵਿੱਚ ਨਾ ਤਾਂ ਕੋਈ ਨਿਸ਼ਾਨ ਹੈ ਅਤੇ ਨਾ ਹੀ ਸਰਕਾਰੀ ਮੋਹਰ। ਜਾਪਦਾ ਹੈ ਕਿ ਪਟੀਸ਼ਨਕਰਤਾ ਨੇ ਖੁਦ ਇਸ ਨੂੰ ਟਾਈਪ ਕਰਕੇ ਪਟੀਸ਼ਨ ਨਾਲ ਨੱਥੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ ਅਤੇ ਇਸ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਨਿੱਜੀ ਦਸਤਾਵੇਜ਼ ਬਣਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਗਈ ਹੈ।