ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨਾ ਪਏਗਾ। ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਹਨ। ਲਖੀਮਪੁਰ ‘ਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ‘ਚ ਆਸ਼ੀਸ਼ ਮਿਸ਼ਰਾ ‘ਤੇ ਇਹ ਮਾਮਲਾ ਦਰਜ ਹੋਇਆ ਸੀ। 4 ਅਪ੍ਰੈਲ ਨੂੰ ਮਾਮਲੇ ‘ਚ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਪੂਰੀ ਕਰਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ, ਜਿਸ ਨੂੰ ਹੁਣ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਨੇ ਪੀੜਤ ਧਿਰ ਦਾ ਧਿਆਨ ਨਹੀਂ ਰੱਖਿਆ। ਪੀੜਤ ਧਿਰ ਦੀ ਕੋਈ ਸੁਣਵਾਈ ਨਹੀਂ ਹੋਈ। ਦੱਸ ਦੇਈਏ ਕਿ 3 ਅਕਤੂਬਰ 2021 ਨੂੰ, ਟਿਕੁਨੀਆ, ਲਖੀਮਪੁਰ ਵਿੱਚ ਹਿੰਸਾ ਵਿੱਚ 8 ਲੋਕ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਐਸਆਈਟੀ ਨੇ 5000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਐਸਆਈਟੀ ਨੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਇੰਨਾ ਹੀ ਨਹੀਂ ਐੱਸਆਈਟੀ ਮੁਤਾਬਕ ਆਸ਼ੀਸ਼ ਮੌਕੇ ‘ਤੇ ਮੌਜੂਦ ਸੀ। ਇਸ ਮਾਮਲੇ ‘ਚ ਇਲਾਹਾਬਾਦ ਹਾਈਕੋਰਟ ਨੇ ਫਰਵਰੀ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਜਿਸ ਮਗਰੋਂ ਪੀੜਤ ਪਰਿਵਾਰ ਜ਼ਮਾਨਤ ਖ਼ਿਲਾਫ਼ ਸੁਪਰੀਮ ਕੋਰਟ ਪੁੱਜੇ ਸਨ। ਫਿਰ ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ।