ਲਖੀਮਪੁਰ ਖੀਰੀ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਲਖੀਮਪੁਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਪਿਛਲੇ ਹਫ਼ਤੇ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਆਸ਼ੀਸ਼ ਨੂੰ ਕਰੀਬ ਚਾਰ ਮਹੀਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਉਰਫ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੁਨੀਆ ਪਿੰਡ ‘ਚ ਪਿਛਲੇ ਸਾਲ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਦੋਸ਼ ਹੈ।
ਆਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਸਿੰਘ ਉਸ ਨੂੰ ਘਰ ਲਿਆਉਣ ਲਈ ਜੇਲ੍ਹ ਪੁੱਜੇ ਸਨ। ਜ਼ਮਾਨਤ ਦੀਆਂ ਸ਼ਰਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਵਾਹਾਂ ‘ਤੇ ਦਬਾਅ ਨਾ ਪਾਉਣ ਅਤੇ ਸਬੂਤਾਂ ਨਾਲ ਛੇੜਛਾੜ ਨਾ ਕਰਨ ਦੀ ਸ਼ਰਤ ‘ਤੇ ਜ਼ਮਾਨਤ ਦਿੱਤੀ ਗਈ ਹੈ | ਵਕੀਲ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਟਿਕੁਨੀਆ ਦੇ ਘਰ ਨਹੀਂ ਜਾਣਗੇ।