ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਇੱਥੇ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਦੋਸ਼ੀ ਨੂੰ ਮੌਕੇ ‘ਤੇ ਮੌਜੂਦ ਸੰਗਤ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ, ਘਟਨਾ ਸ਼ਾਮ 6 ਵਜੇ ਦੀ ਹੈ, ਜਦੋਂ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਹੋ ਰਿਹਾ ਸੀ।
ਦਰਅਸਲ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਵੇਲੇ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਇੱਕ ਨੌਜਵਾਨ ਜੰਗਲਾ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਕੋਲ ਜਾ ਪੁੱਜਾ ਜਿਸ ਤੋਂ ਬਾਅਦ ਮੌਕੇ ‘ਤੇ ਹੀ SGPC ਟਾਸਕ ਫੋਰਸ ਨੇ ਮੁਸਤੈਦੀ ਦਿਖਾਉਂਦਿਆਂ ਨੌਜਵਾਨ ਨੂੰ ਕਾਬੂ ਕਰ ਲਿਆ। ਟਾਸਕ ਫੋਰਸ ਦੇ ਮੈਂਬਰਾਂ ਨੇ ਤੁਰੰਤ ਨੌਜਵਾਨ ਨੂੰ ਬਾਹਰ ਕੱਢਿਆ ਪਰ ਮੌਕੇ ‘ਤੇ ਮੌਜੂਦ ਸੰਗਤ ਨੇ ਉਸ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੇ ਸੱਚਖੰਡ ਸਾਹਿਬ ਦੇ ਅੰਦਰ ਦਾਇਰੇ ਨੂੰ ਪਾਰ ਕਰਕੇ ਉਥੇ ਰੱਖੀ ਸ੍ਰੀ ਸਾਹਿਬ (ਕਿਰਪਾਨ ) ਚੁੱਕ ਲਈ ਸੀ, ਜਿਸ ਤੋਂ ਬਾਅਦ ਉਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ। ਨੌਜਵਾਨ ਦੀ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ, ਹਾਲਾਂਕਿ ਉਸ ਦੀ ਉਮਰ ਵੀਹ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।