ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅਚਾਨਕ ਪੰਜਾਬੀ ਗਾਇਕ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਲਈ ਵੀ ਖਤਰਾ ਮੰਡਰਾ ਰਿਹਾ ਹੈ। ਸੂਤਰਾਂ ਮੁਤਾਬਿਕ ਬੱਬੂ ਮਾਨ ਨੂੰ ਲੈ ਕੇ ਧਮਕੀ ਭਰਿਆ ਕਾਲ ਆਇਆ ਸੀ। ਇਸ ਤੋਂ ਇਲਾਵਾ ਕੁੱਝ ਖੁਫੀਆ ਸੂਚਨਾਵਾਂ ਵੀ ਪ੍ਰਾਪਤ ਹੋਈਆਂ ਹਨ। ਜਿਸ ‘ਚ ਕਿਹਾ ਗਿਆ ਹੈ ਕਿ ਕੋਈ ਫੈਨ ਬਣ ਕੇ ਉਨ੍ਹਾਂ ਲਈ ਖਤਰਾ ਬਣ ਸਕਦਾ ਹੈ। ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੇ ਮੋਹਾਲੀ ਸਥਿਤ ਘਰ ‘ਤੇ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਨੂੰ ਪਹਿਲਾਂ ਵੀ ਪੁਲਿਸ ਸੁਰੱਖਿਆ ਮਿਲੀ ਹੋਈ ਹੈ। ਪਰ ਪੰਜਾਬ ਸਰਕਾਰ ਨੇ ਸੁਰੱਖਿਆ ਸਮੀਖਿਆ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਧਾਉਣ ਅਤੇ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਬੱਬੂ ਮਾਨ ਦੀ ਵੀਡੀਓ ਦੇ ਕਈ ਕਲਿੱਪ ਵੀ ਸੋਸ਼ਲ ਸਾਈਟਸ ‘ਤੇ ਚੱਲ ਰਹੇ ਹਨ। ਲੋਕ ਇਨ੍ਹਾਂ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕਰਨ ‘ਚ ਲੱਗੇ ਹੋਏ ਹਨ।