ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰੋਜ਼ਾਣਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਭਾਈ ਰਾਜੋਆਣਾ ਨੇ ਸੰਸਦ ਵਿੱਚ ਅਮਿਤ ਸ਼ਾਹ ਦੇ ਬਿਆਨ ਦੀ ਨਿਖੇਧੀ ਕਰਦਿਆਂ ਇਸ ਨੂੰ ਸਿੱਖ ਭਾਈਚਾਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਗਟਾਈਆਂ ਭਾਵਨਾਵਾਂ ਦਾ ਅਪਮਾਨ ਦੱਸਿਆ ਹੈ। ਰਾਜੋਆਣਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸੰਬੋਧਿਤ ਕਰਦੇ ਹੋਏ ਲਿਖਿਆ ਹੈ ਕਿ ਤੁਹਾਡੀ ਸਰਕਾਰ ਸੰਸਦ ਵਿੱਚ ਔਰਤਾਂ ਦੇ ਸਨਮਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ। ਉਹ ਔਰਤਾਂ ਵਿਰੁੱਧ ਘਿਨਾਉਣੇ ਅਪਰਾਧਾਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕਰਦੀ ਹੈ। ਅਸਲ ‘ਚ ਮਹਿਲਾ ਪਹਿਲਵਾਨਾਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਬ੍ਰਿਜ ਭੂਸ਼ਣ ਵਰਗੇ ਵਿਅਕਤੀ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਇੰਨਾ ਹੀ ਨਹੀਂ ਬਿਲਕਿਸ ਬਾਨੋ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜ਼ਬਰ ਜਨਾਹ ਦੇ ਦੋਸ਼ੀ ਡੇਰਾਮੁਖੀ ਨੂੰ ਹਰ ਚੋਣ ਤੋਂ ਪਹਿਲਾਂ ਪੈਰੋਲ ‘ਤੇ ਰਿਹਾਅ ਕੀਤਾ ਜਾਂਦਾ ਹੈ। ਤੁਹਾਡੀ ਪਾਰਟੀ ਦੇ ਨੇਤਾਵਾਂ ਦੀ ਤਰਫੋਂ ਡੇਰਾਮੁਖੀ ਨੂੰ ਸਰਕਾਰੀ ਸਮਾਗਮਾਂ ਦਾ ਮੁੱਖ ਮਹਿਮਾਨ ਬਣਾਇਆ ਜਾਂਦਾ ਹੈ। ਦੂਜੇ ਪਾਸੇ ਉਨ੍ਹਾਂ ਨੇ ਸੱਚ ਦੇ ਮਾਰਗ ‘ਤੇ ਚੱਲਦਿਆਂ ਸਿੱਖਾਂ ਲਈ ਇਨਸਾਫ਼ ਦੀ ਲੜਾਈ ਲੜੀ। ਉਹ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਦੀ ਪਟੀਸ਼ਨ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਇਸ ਬਾਰੇ ਫੈਸਲਾ ਨਾ ਲੈਣਾ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਨੂੰ ਦਰਸਾਉਂਦਾ ਹੈ।
ਪੱਤਰ ਵਿੱਚ ਭਾਈ ਰਾਜੋਆਣਾ ਨੇ ਗ੍ਰਹਿ ਮੰਤਰੀ ਨੂੰ ਸਜ਼ਾ ਮੁਆਫ਼ੀ ਸਬੰਧੀ ਆਪਣੀ ਪਟੀਸ਼ਨ ’ਤੇ ਜਲਦੀ ਫ਼ੈਸਲਾ ਲੈਣ ਦੀ ਅਪੀਲ ਕੀਤੀ ਹੈ। ਮੰਗਲਵਾਰ ਨੂੰ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਆਈ ਸੀ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ।