ਕੁੱਝ ਮਹੀਨਿਆਂ ਤੱਕ ਪੰਜਾਬ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇੰਨ੍ਹਾਂ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉੱਥੇ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ‘ਚ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਜਾ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਦੇ ਨਾਂ ਦਾ ਐਲਾਨ ਚੋਣ ਕਮਿਸ਼ਨ ਦੇ ਚੋਣਾਂ ਬਾਰੇ ਐਲਾਨ ਤੋਂ ਬਾਅਦ ਹੀ ਕਰੇਗੀ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ ਤੇ 2019 ਦੀਆਂ ਲੋਕ ਸਭਾ ਚੋਣਾਂ ‘ਚ ਉਹ ‘ਆਪ’ ਦੇ ਇਕੱਲੇ ਉਮੀਦਵਾਰ ਸਨ, ਜਿਨ੍ਹਾਂ ਨੂੰ ਜਿੱਤ ਮਿਲੀ ਸੀ। ਸੂਤਰਾਂ ਮੁਤਾਬਿਕ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੇ ਚਿਹਰੇ ‘ਤੇ ਲੜਨ ਦਾ ਮਨ ਬਣਾ ਲਿਆ ਹੈ। ਪਰ ਪਾਰਟੀ ਐਲਾਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਦੇ ਕੋਰੋਨਾ ਸੰਕਰਮਿਤ ਹੋਣ ਕਾਰਨ ਇਹ ਐਲਾਨ ਕੁੱਝ ਦਿਨਾਂ ਬਾਅਦ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਿਕ ‘ਆਪ’ ਦੇ ਸੰਸਦ ਮੈਂਬਰ ਭਗਵੰਤ ਨੂੰ ‘ਆਪ’ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਪੀਏਸੀ ਵਿੱਚ ਸਹਿਮਤੀ ਬਣ ਗਈ ਹੈ।