ਪੰਜਾਬ ਵਿੱਚ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਕਈ ਖੇਤਰਾਂ ਵਿੱਚ ਵਿਕਾਸ ਹੋ ਰਿਹਾ ਹੈ। ਇਸ ਦੌਰਾਨ ਮਾਨ ਸਰਕਾਰ ਦੀ ਅਗਵਾਈ ‘ਚ 6 ਮਹੀਨਿਆਂ ‘ਚ ਰਿਕਾਰਡ ਪੱਧਰ ‘ਤੇ ਸਰਵਿਸ ਐਂਡ ਗੁਡਸ ਟੈਕਸ (ਜੀ.ਐੱਸ.ਟੀ.) ਦੀ ਵਸੂਲੀ ਹੋਈ ਹੈ। ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਨੇ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਜੋਂ 10,604 ਕਰੋੜ ਰੁਪਏ ਇਕੱਠੇ ਕੀਤੇ ਹਨ। ਇਸ ਨਾਲ ਸੂਬੇ ਵੱਲੋਂ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਹੋਇਆ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਦੌਰਾਨ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਸੂਬੇ ਨੇ ਜੀਐਸਟੀ ਕੁਲੈਕਸ਼ਨ ਵਿੱਚ 22.6 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8,650 ਕਰੋੜ ਰੁਪਏ ਜੀਐਸਟੀ ਇਕੱਠਾ ਕੀਤਾ ਗਿਆ ਸੀ। ਜਦੋਂ ਕਿ ਚਾਲੂ ਸਾਲ ਦੌਰਾਨ ਰਾਜ ਨੇ ਜੀਐਸਟੀ ਵਸੂਲੀ ਨਾਲ ਕੁੱਲ 10,604 ਕਰੋੜ ਰੁਪਏ ਅਤੇ 1954 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਸਤੰਬਰ 2022 ਦੇ ਜੀਐਸਟੀ ਅੰਕੜਿਆਂ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 22 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ ਕੁੱਲ 1402 ਕਰੋੜ ਰੁਪਏ ਦੀ ਕੁੱਲ ਉਗਰਾਹੀ ਦੇ ਮੁਕਾਬਲੇ ਇਸ ਸਾਲ ਸਤੰਬਰ ਵਿੱਚ ਜੀਐਸਟੀ ਦੀ ਕੁੱਲ ਵਸੂਲੀ 1710 ਕਰੋੜ ਰੁਪਏ ਸੀ। ਵਿੱਤ ਮੰਤਰੀ ਨੇ ਇਸ ਦੌਰਾਨ ਇਹ ਵੀ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਆਪਣੇ ਪਹਿਲੇ ਬਜਟ ਵਿੱਚ 20,550 ਕਰੋੜ ਰੁਪਏ ਦੀ ਜੀਐਸਟੀ ਵਸੂਲੀ ਦਾ ਅਨੁਮਾਨ ਲਗਾਇਆ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਵਿੱਚ 50 ਫੀਸਦੀ ਤੋਂ ਵੱਧ ਉਗਰਾਹੀ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਸੰਭਾਵਨਾ ਪ੍ਰਗਟਾਈ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਕੁਲੈਕਸ਼ਨ ਵੱਧਣ ਦੀ ਉਮੀਦ ਹੈ। ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਹੈ ਕਿ ਸੂਬਾ ਸਰਕਾਰ ਨੇ ਬੋਗਸ ਅਤੇ ਜਾਅਲੀ ਬਿਲਿੰਗ ਨੂੰ ਰੋਕਣ ਦੇ ਨਾਲ-ਨਾਲ ਸਾਰੀਆਂ ਖਾਮੀਆਂ ਨੂੰ ਦੂਰ ਕਰਨ ਲਈ ਪੰਜਾਬ ਵਿਧਾਨ ਸਭਾ ‘ਚ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ ਕਰ ਦਿੱਤਾ ਹੈ, ਜਿਸ ਨਾਲ ਵਪਾਰੀ ਹੀ ਨਹੀਂ ਸਗੋਂ ਸੂਬੇ ਨੂੰ ਵੀ ਫਾਇਦਾ ਹੋਵੇਗਾ ਸੂਬੇ ਦਾ ਆਪਣਾ ਮਾਲੀਆ ਵੀ ਵਧੇਗਾ।