ਇਸ ਵਾਰ ਵੀ ਦਿੱਲੀ ਵਿੱਚ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਦੇਵੇਗੀ। ਪੰਜਾਬ ਸਰਕਾਰ ਨੇ 2024 ਦੀ ਗਣਤੰਤਰ ਦਿਵਸ ਪਰੇਡ ਲਈ ਤਿੰਨ ਝਾਕੀਆਂ ਦਾ ਖਰੜਾ ਭੇਜਿਆ ਸੀ, ਜਿਸ ਨੂੰ ਕੇਂਦਰ ਨੇ ਰੱਦ ਕਰ ਦਿੱਤਾ ਹੈ। ਇਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਨਰਾਜ਼ਗੀ ਪ੍ਰਗਟਾਈ ਹੈ। ਬੁੱਧਵਾਰ ਨੂੰ ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਗਣਤੰਤਰ ਦਿਵਸ ਸਮਾਰੋਹ ਦਾ ਭਗਵਾਕਰਨ ਕਰਨ ਦਾ ਦੋਸ਼ ਲਗਾਇਆ। ਪੰਜਾਬ ਭਵਨ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਧੁੱਤ ਕੇਂਦਰ ਸਰਕਾਰ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਲਾਸਾਨੀ ਕੁਰਬਾਨੀ ਦਾ ਅਪਮਾਨ ਕਰ ਰਹੀ ਹੈ। ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ ਅਜਿਹਾ ਹੀ ਕੀਤਾ ਸੀ ਅਤੇ ਇਸ ਸਾਲ ਵੀ ਝਾਂਕੀ ਨੂੰ ਰੱਦ ਕਰਕੇ ਉਹੀ ਦੁਹਰਾਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਜਿੱਥੇ ਦੁਨੀਆ ਭਰ ਤੋਂ ਸੰਗਤਾਂ ਫਤਿਹਗੜ੍ਹ ਸਾਹਿਬ ਵਿਖੇ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅੱਗੇ ਮੱਥਾ ਟੇਕ ਰਹੀਆਂ ਹਨ, ਉਥੇ ਦੂਜੇ ਪਾਸੇ ਭਾਜਪਾ ਪੰਜਾਬ ਨੂੰ ਬਦਨਾਮ ਕਰਨ ਲਈ ਹੱਥਕੰਡੇ ਅਪਣਾ ਰਹੀ ਹੈ। ਸ਼ਹਾਦਤ ਅਤੇ ਕੁਰਬਾਨੀ ਪੰਜਾਬ ਦੀ ਮਹਾਨ ਵਿਰਾਸਤ ਦਾ ਹਿੱਸਾ ਹਨ, ਜਿਸ ਨੂੰ ਸੂਬੇ ਦੀ ਝਾਂਕੀ ਵਿੱਚ ਪ੍ਰਦਰਸ਼ਿਤ ਕੀਤਾ ਜਾਣਾ ਸੀ। ਦੇਸ਼ ਭਗਤੀ ਦੇ ਵਿਚਾਰਾਂ ਵਾਲੀ ਇਹ ਝਾਂਕੀ ਨੂੰ ਰੱਦ ਕਰਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਕੀਤਾ ਹੈ।
ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਸੂਬੇ ਦੀ ਝਾਂਕੀ ਨੂੰ ਸ਼ਾਮਲ ਨਾ ਕੀਤੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣਗੇ। ਜੇਕਰ ਝਾਂਕੀ ਵੀ ਸ਼ਾਮਲ ਨਾ ਕੀਤੀ ਗਈ ਤਾਂ ਵੀ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਸੂਬੇ ਭਰ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ‘ਕੇਂਦਰ ਸਰਕਾਰ ਵੱਲੋਂ ਰੱਦ’ ਵਾਲੇ ਬੈਨਰ ਲਗਾ ਕੇ ਇਨ੍ਹਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।