ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ਮੌਕੇ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਰੈਲੀ ਕੀਤੀ ਗਈ ਹੈ। ਇਸ ਰੈਲੀ ਨੂੰ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਦੱਸਿਆ ਜਾ ਰਿਹਾ ਹੈ। ਇਸ ਰੈਲੀ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਹੋਰ ਆਗੂ ਮੌਜੂਦ ਹਨ। ਅਕਾਲੀ ਦਲ ਦੀ ਲੀਡਰਸ਼ਿਪ ਤੋਂ ਇਲਾਵਾ ਬਸਪਾ ਦੇ ਆਗੂ ਵੀ ਮੰਚ ਉੱਤੇ ਮੌਜੂਦ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਵੀ ਸਟੇਜ ਤੋਂ ਸੰਬੋਧਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਗਾ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਈ ਵੱਡੇ ਐਲਾਨ ਵੀ ਕੀਤੇ ਹਨ।
ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਪਰਿਵਾਰਾਂ ਨੂੰ ਬਿਜਲੀ ਦੀਆਂ 400 ਯੂਨਿਟਾਂ ਮੁਫ਼ਤ ਦਿੱਤੀਆਂ ਜਾਣਗੀਆਂ ਜਿਨ੍ਹਾਂ ਨਾਲ ਕਰੀਬ 80 ਫੀਸਦੀ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ 13 ਨੁਕਾਤੀ ਪ੍ਰੋਗਰਾਮ ਲੈ ਕੇ ਆਏ ਹਾਂ, ਇਹ ਸਿਰਫ਼ ਵੋਟਾਂ ਕਰਕੇ ਨਹੀਂ ਸਾਨੂੰ ਪਤਾ ਹੈ ਕਿ ਇਨ੍ਹਾਂ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਸਾਰੇ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਮਾਂ ਪਾਰਟੀ ਹੈ, ਇਸ ਨੂੰ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਜਿਹੜਾ ਨੌਜਵਾਨ ਆਪਣੇ ਪੈਰਾਂ ‘ਤੇ ਖੜ੍ਹਾ ਹੋਣਾ ਚਾਹੁੰਦਾ ਹੈ, ਉਸ ਨੂੰ ਬਿਨਾਂ ਵਿਆਜ 5 ਲੱਖ ਰੁਪਏ ਤੱਕ ਲੋਨ ਦਿੱਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਦਾ ਪ੍ਰੀਮੀਅਮ ਪੰਜਾਬ ਸਰਕਾਰ ਭਰੇਗੀ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਕਾਲਜਾਂ ਵਿੱਚ 33 ਫੀਸਦ ਸੀਟਾਂ ਸਰਕਾਰੀ ਸਕੂਲਾਂ ਦੇ ਪੜ੍ਹੇ ਬੱਚਿਆਂ ਲਈ ਰਾਂਖਵੀਆਂ ਰੱਖੀਆਂ ਜਾਣਗੀਆਂ। ਛੋਟੇ ਵਪਾਰੀਆਂ ਲਈ 10 ਲੱਖ ਰੁਪਏ ਦਾ ਜਾਨ ਦਾ ਬੀਮਾ ਕਰਵਾਇਆ ਜਾਵੇਗਾ, ਜੇਕਰ ਉਸ ਦੀ ਦੁਕਾਨ ਦਾ ਵੀ ਬੀਮਾ ਕਰਵਾਇਆ ਜਾਵੇਗਾ। ਜਦੋਂ ਸਰਕਾਰ ਬਣੀ ਤਾਂ 50 ਹਜ਼ਾਰ ਪ੍ਰਤੀ ਏਕੜ ਫਸਲਾਂ ਦਾ ਬੀਮਾ ਕਰਵਾਇਆ ਜਾਵੇਗਾ। ਮੁਸਲਮਾਨ ਭਾਈਚਾਰੇ ਜਿੱਥੇ ਵੀ ਰਹਿੰਦੇ ਹਨ, ਉੱਥੇ ਉਨ੍ਹਾਂ ਲਈ ਕਬਰਿਸਤਾਨ ਬਣਾਏ ਜਾਣਗੇ। ਉਨ੍ਹਾਂ ਐਲਾਨ ਕੀਤਾ ਹੈ ਕਿ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਦੀ ਵੀ ਪੈਨਸ਼ਨ ਲਾਈ ਜਾਏਗੀ। ਇਸ ਤੋਂ ਇਲਾਵਾ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਏਗਾ। ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਧਾਰਮਿਕ ਸਥਾਨਾਂ ਨੂੰ ਬਿਜਲੀ ਫ੍ਰੀ ਦਿੱਤੀ ਜਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਾਬ ਮਾਫੀਆ ਨੂੰ ਖ਼ਤਮ ਕਰਨ ਲਈ ਸ਼ਰਾਬ ਨਿਗਮ ਅਤੇ ਰੇਤ ਮਾਫੀਆ ਲਈ ਮਾਈਨਿੰਗ ਕਾਰਪੋਰੇਸ਼ਨ ਬਣਾਈ ਜਾਏਗੀ।