ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਬੀਤੇ ਹਫਤੇ ਜਿੱਥੇ ਸ਼ਿਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋਇਆ ਸੀ। ਉਸ ਤੋਂ ਬਾਅਦ ਹੁਣ ਵੀਰਵਾਰ ਨੂੰ ਪੰਜਾਬ ਦੀ ਰਾਜਨੀਤੀ ਤੋਂ ਇੱਕ ਹੋਰ ਵੱਡੀ ਖ਼ਬਰ ਆਈ ਹੈ। ਦਰਅਸਲ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਵੱਲੋ ਵਿਰੋਧੀ ਧਿਰ ਦੇ ਸਾਬਕਾ ਨੇਤਾ ਰਹੇ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਵੀਰਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿੱਚ ਮਿਲਾਉਣ ਦਾ ਐਲਾਨ ਕੀਤਾ ਹੈ।
ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ,ਪਿਰਮਲ ਸਿੰਘ ਅਤੇ ਜਗਦੇਵ ਸਿੰਘ ਦਿੱਲੀ ਵਿਖੇ ਰਾਹੁਲ ਗਾਂਧੀ ਨੂੰ ਮਿਲਣ ਲਈ ਪਹੁੰਚੇ ਸਨ। ਜਿਸ ਤੋਂ ਬਾਅਦ ਪਾਰਟੀ ਦੇ ਰਲੇਵੇਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਖਹਿਰਾ ਅਤੇ ਇਹ ਦੋਵੇਂ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ 3 ਜੂਨ ਨੂੰ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ।
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਖਹਿਰਾ ਨੇ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਪਹਿਲਾਂ ਵੀ ਕਾਂਗਰਸ ਵਿੱਚ ਰਹਿ ਚੁੱਕੇ ਹਨ। ਕਾਂਗਰਸ ਛੱਡਣ ਤੋਂ ਬਾਅਦ ਖਹਿਰਾ ਦਸੰਬਰ 2015 ਵਿੱਚ ‘ਆਪ’ ‘ਚ ਸ਼ਾਮਿਲ ਹੋਏ ਸਨ। ਉਹ ‘ਆਪ’ ਦੀ ਟਿਕਟ ‘ਤੇ 2017 ਵਿੱਚ ਭੁਲੱਥ ਵਿਧਾਨ ਸਭਾ ਸੀਟ ਤੋਂ ਜਿੱਤੇ ਸਨ।