ਸੋਮਵਾਰ ਨੂੰ ਡਰੱਗਜ਼ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਉਸ ਨੂੰ ਬੁੱਧਵਾਰ ਤੱਕ ਗ੍ਰਿਫਤਾਰੀ ਤੋਂ ਰਾਹਤ ਦੇਣ ਅਤੇ ਜਾਂਚ ‘ਚ ਸ਼ਾਮਿਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੀ ਚਿਦੰਬਰਮ ਅਤੇ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਾਲੇ ਕਾਫੀ ਤਿੱਖੀ ਬਹਿਸ ਹੋਈ ਹੈ। ਬਹਿਸ ਤੋਂ ਬਾਅਦ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ 27 ਦਸੰਬਰ ਨੂੰ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪਟੀਸ਼ਨਕਰਤਾ ਨੂੰ ਨਿਸ਼ਾਨਾ ਬਣਾਉਣਾ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦਾ ਇੱਕ ਵੱਡਾ ਚੋਣ ਮੁੱਦਾ ਹੈ।