ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ ਨੇ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਜੀਠੀਆ ਨੇ ਪਿਛਲੇ ਸਾਲ ਦਸੰਬਰ ‘ਚ ਆਪਣੇ ਖਿਲਾਫ ਦਰਜ ਹੋਏ ਡਰੱਗ ਮਾਮਲੇ ‘ਚ ਮੋਹਾਲੀ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਮਜੀਠੀਆ ਨੇ ਵੀਰਵਾਰ ਨੂੰ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਡਰੱਗ ਮਾਮਲੇ ‘ਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।
ਮਜੀਠੀਆ ਨੇ ਸਵੇਰੇ 11.10 ਵਜੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਨਿਯਮਤ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 24 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ। ਹਾਲਾਂਕਿ, ਵੀਰਵਾਰ ਨੂੰ ਹੀ ਹੇਠਲੀ ਅਦਾਲਤ ਨੇ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਅਤੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਤੈਅ ਕੀਤੀ ਹੈ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ।