ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਪੀਜੀਆਈ ਵਿੱਚ ਆਖਰੀ ਸਾਹ ਲਏ ਹਨ। ਪਟਿਆਲਾ ਦੇ ਵਸਨੀਕ ਬੀਰ ਦਵਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਸਾਲ 2003-04 ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਨ। ਆਪਣੇ ਸਿਆਸੀ ਜੀਵਨ ਦੌਰਾਨ ਉਹ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਅਕਾਲੀ ਦਲ ਟਕਸਾਲੀ, ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ), ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਰਹੇ ਹਨ।
ਉਨ੍ਹਾਂ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇੱਕ ਸੂਝਵਾਨ ਸ਼ਖਸੀਅਤ ਤੋਂ ਵਾਂਝਾ ਹੋ ਗਿਆ ਹੈ। ਬੀਰ ਦਵਿੰਦਰ ਸਿੰਘ ਨੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਪੰਜਾਬ ਦੇ ਵਿਕਾਸ ‘ਚ ਵਡਮੁੱਲਾ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਦੇ ਦਿਹਾਂਤ ਨਾਲ ਸੂਬੇ ਦੇ ਸਿਆਸੀ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਹੈ।