[gtranslate]

BREAKING NEWS : ਕਿਸਾਨਾਂ ਦੇ ਹੱਕ ‘ਚ ਬੋਲਣ ਵਾਲੇ BJP ਆਗੂ ਅਨਿਲ ਜੋਸ਼ੀ ਖਿਲਾਫ ਵੱਡੀ ਕਾਰਵਾਈ, ਭਾਜਪਾ ਨੇ 6 ਸਾਲ ਲਈ ਪਾਰਟੀ ਤੋਂ ਕੱਢਿਆ ਬਾਹਰ

BJP expels former state minister Anil Joshi

ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪੰਜਾਬ ਭਾਜਪਾ ਦੇ ਨੇਤਾਵਾਂ ਵਿਚਾਲੇ ਤਕਰਾਰ ਤੇਜ਼ ਹੋ ਗਈ ਹੈ। ਸ਼ਨੀਵਾਰ ਨੂੰ ਪੰਜਾਬ BJP ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।

ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ। ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚੱਲਣ ਦੇ ਆਪਣੇ ਅੜਿੱਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ ‘ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ।

ਦੱਸ ਦੇਈਏ ਕਿ ਕਿਸਾਨਾਂ ਦੇ ਹੱਕ ‘ਚ ਬਿਆਨਬਾਜ਼ੀ ਕਰਨ ਵਾਲੇ ਭਾਜਪਾ ਨੇਤਾ ਅਨਿਲ ਜੋਸ਼ੀ ਨੇ ਸੂਬਾ ਲੀਡਰਸ਼ਿਪ ਵੱਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ‘ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਸੀ। ਉਨ੍ਹਾਂ ਨੋਟਿਸ ਦੇ ਵਿਰੋਧ ਵਿੱਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਸੂਬੇ ਦੀ ਟੀਮ ਨੇ ਕਿਸਾਨ ਅੰਦੋਲਨ ਬਾਰੇ ਕੇਂਦਰ ਨੂੰ ਢੁਕਵੀਂ ਫੀਡਬੈਕ ਨਹੀਂ ਦਿੱਤੀ, ਜਿਸ ਕਾਰਨ ਇਥੇ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ।

Leave a Reply

Your email address will not be published. Required fields are marked *