ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਪਣੇ ਨਫੇ-ਨੁਕਸਾਨ ਨੂੰ ਦੇਖਦਿਆਂ ਸਾਰੀਆਂ ਪਾਰਟੀਆਂ ਨੇ ਚੋਣ ਮੈਦਾਨ ਵਿੱਚ ਫਿਟ ਹੋਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਨਵੀਂ ਬਣੀ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ।
ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਗੱਠਜੋੜ ਨੂੰ ਰਸਮੀ ਤੌਰ ‘ਤੇ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਭਾਰਤੀ ਜਨਤਾ ਪਾਰਟੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਸੋਮਵਾਰ ਨੂੰ ਦਿੱਲੀ ‘ਚ ਅਮਿਤ ਸ਼ਾਹ ਦੇ ਘਰ ਹੋਈ ਬੈਠਕ ‘ਚ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ। ਬੈਠਕ ‘ਚ ਸੀਟਾਂ ਦੀ ਵੰਡ ‘ਤੇ ਵੀ ਫੈਸਲਾ ਲਿਆ ਗਿਆ ਹੈ। ਸੀਟਾਂ ਦੀ ਵੰਡ ਲਈ ਤਿੰਨੋਂ ਪਾਰਟੀਆਂ ਦੇ ਦੋ-ਦੋ ਪ੍ਰਤੀਨਿਧਾਂ ਦੀ ਟੀਮ ਬਣਾਈ ਜਾਵੇਗੀ। ਉਸ ਤੋਂ ਬਾਅਦ ਸੀਟਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਤਿੰਨਾਂ ਪਾਰਟੀਆਂ ਦਾ ਸਾਂਝਾ ਮੈਨੀਫੈਸਟੋ ਬਣਾਇਆ ਜਾਵੇਗਾ।