ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਉੱਥੇ ਹੀ BJP ਆਗੂਆਂ ਦੇ ਵਿਵਾਦਤ ਬਿਆਨ ਵੀ ਲਗਾਤਾਰ ਜਾਰੀ ਹਨ। ਹੁਣ ਹਰਿਆਣਾ ਭਾਜਪਾ ਦੇ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੱਡਾ ਅਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੇ ਕਾਰਨ ਹਰਿਆਣਾ ਦੇ ਕਈ ਸਥਾਨਾਂ ਉੱਤੇ ਨਸ਼ਿਆਂ ਦੇ ਮਾਮਲੇ ਵੱਧ ਰਹੇ ਹਨ।
ਬਹੁਤ ਸਾਰੇ ਲੋਕ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਪੰਚਾਇਤਾਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ। ਧਨਖੜ ਨੇ ਕਿਹਾ ਕਿ ਉੜਤਾ ਪੰਜਾਬ ਵਰਗੀਆਂ ਫਿਲਮਾਂ ਉਥੇ ਬਣ ਰਹੀਆਂ ਹਨ ਜਦਕਿ ਇੱਥੇ ਦੰਗਲ ਅਤੇ ਸੁਰਮਾ ਵਰਗੀਆਂ ਫਿਲਮਾਂ ਬਣ ਰਹੀਆਂ ਹਨ। ਹੁਣ ਨਸ਼ਿਆਂ ਨੂੰ ਲੈ ਕੇ ਕਈ ਜ਼ਿਲ੍ਹਿਆਂ ਦੀਆਂ ਪੰਚਾਇਤਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ, ਇਹ ਹਰਿਆਣਾ ਲਈ ਚਿੰਤਾ ਦਾ ਵਿਸ਼ਾ ਹੈ। ਲੋਕ ਇਸ ਮਾਮਲੇ ‘ਤੇ ਵਿਚਾਰ ਕਰ ਰਹੇ ਹਨ।