ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 8 ਮਹੀਨੇ ਪੂਰੇ ਹੋ ਚੁੱਕੇ ਹਨ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ, ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ BJP ਨੇਤਾ ਕੈਲਾਸ਼ ਮੇਘਵਾਲ ਦੇ ਕੱਪੜੇ ਪਾੜ ਦਿੱਤੇ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਮਹਿੰਗਾਈ ਅਤੇ ਸਿੰਚਾਈ ਨੂੰ ਲੈ ਕੇ ਭਾਜਪਾ ਦੇ ਵਿਰੋਧ ਵਿੱਚ ਹਿੱਸਾ ਲੈਣ ਆਏ ਸਨ।
ਕੇਂਦਰ ਸਰਕਾਰ ਨੇ ਪਿਛਲੇ ਸਾਲ ਖੇਤੀਬਾੜੀ ਦੇ ਤਿੰਨ ਨਵੇਂ ਕਾਨੂੰਨ ਲਾਗੂ ਕੀਤੇ ਸਨ, ਜਿਸ ਤੋਂ ਬਾਅਦ ਦੇਸ਼ ਵਿੱਚ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਸੀ। ਸੂਬਿਆਂ ਤੋਂ ਇਲਾਵਾ, ਕਿਸਾਨ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਘੱਟੋ ਘੱਟ ਸਮਰਥਨ ਮੁੱਲ ਯਾਨੀ MSP ‘ਤੇ ਕਾਨੂੰਨ ਬਣਾਏ। ਹਰਿਆਣਾ, ਪੰਜਾਬ, ਰਾਜਸਥਾਨ ਆਦਿ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਦੀ ਗੱਲ ਕਹੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਨੇਤਾ ਮੇਘਵਾਲ ਇੱਕ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਗਏ ਸਨ। ਕੈਲਾਸ਼ ਮੇਘਵਾਲ ਦੇ ਵਿਰੋਧ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਕੁੱਝ ਸਮੇਂ ਬਾਅਦ ਭਾਜਪਾ ਨੇਤਾ ਕੈਲਾਸ਼ ਮੇਘਵਾਲ ਨੂੰ ਪੁਲਿਸ ਨੇ ਕਿਸਾਨਾਂ ਦੀ ਭੀੜ ਤੋਂ ਛੁਡਵਾਇਆ।