ਬ੍ਰਿਟੇਨ ਦੇ ਉਪ ਪ੍ਰਧਾਨ ਮੰਤਰੀ ਅਤੇ ਨਿਆਂ ਮੰਤਰੀ ਡੋਮਿਨਿਕ ਰਾਬ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਧਮਕਾਉਣ ਦੇ ਮਾਮਲੇ ‘ਚ ਜਾਂਚ ਸ਼ੁਰੂ ਹੋਣ ਤੋਂ ਬਾਅਦ ਦਿੱਤਾ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਹੈ। ਰਾਬ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੇ ਖੁਦ ਇਸ ਜਾਂਚ ਦੀ ਮੰਗ ਕੀਤੀ ਸੀ ਅਤੇ ਜੇਕਰ ਇਸ ਵਿੱਚ ਕੋਈ ਸੱਚਾਈ ਪਾਈ ਜਾਂਦੀ ਹੈ ਤਾਂ ਅਸਤੀਫਾ ਦੇਣ ਲਈ ਵੀ ਕਿਹਾ ਸੀ।
ਰਾਬ ਨੇ ਆਪਣੀ ਪੋਸਟ ਵਿੱਚ ਅੱਗੇ ਲਿਖਿਆ ਕਿ ਉਹ ਇਹ ਜ਼ਰੂਰੀ ਮਹਿਸੂਸ ਕਰਦੇ ਹਨ ਕਿ ਉਹ ਆਪਣੇ ਸ਼ਬਦਾਂ ‘ਤੇ ਅਮਲ ਕਰਨ। ਭਾਰਤੀ ਮੂਲ ਦੇ ਰਿਸ਼ੀ ਸੁਨਕ ਦੇ ਪਿਛਲੇ ਸਾਲ ਅਕਤੂਬਰ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ, ਰਾਬ ਤੀਜੇ ਵੱਡੇ ਨੇਤਾ ਹਨ ਜਿਨ੍ਹਾਂ ਨੂੰ ਨਿੱਜੀ ਵਿਵਹਾਰ ਨੂੰ ਲੈ ਕੇ ਮੰਤਰੀ ਮੰਡਲ ਤੋਂ ਬਾਹਰ ਕੀਤਾ ਗਿਆ ਹੈ। ਰਿਸ਼ੀ ਸੁਨਕ ਨੇ ਸਰਕਾਰ ਆਉਣ ਤੋਂ ਪਹਿਲਾਂ ਇਮਾਨਦਾਰ ਸਰਕਾਰ ਦੇਣ ਦਾ ਵਾਅਦਾ ਕੀਤਾ ਸੀ।
ਪਿਛਲੇ ਸਾਲ ਨਵੰਬਰ ਵਿੱਚ, ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇੱਕ ਸੀਨੀਅਰ ਵਕੀਲ ਐਡਮ ਟੌਲੀ ਨੂੰ ਰਾਬ ਵਿਰੁੱਧ ਦਾਇਰ ਦੋ ਵੱਖ-ਵੱਖ ਧੱਕੇਸ਼ਾਹੀ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਨਿਯੁਕਤ ਕੀਤਾ ਸੀ। ਮੰਤਰੀ ਦੇ ਨਾਲ ਕੰਮ ਕਰਨ ਵਾਲੇ ਸਿਵਲ ਅਧਿਕਾਰੀਆਂ ਤੋਂ ਜ਼ਿਆਦਾ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਇਸ ਦੇ ਨਾਲ ਹੀ ਫਾਈਨੈਂਸ਼ੀਅਲ ਟਾਈਮਜ਼ ਅਖਬਾਰ ਨੇ ਜਾਂਚ ਨਾਲ ਜੁੜੇ ਇੱਕ ਵਿਅਕਤੀ ਦਾ ਹਵਾਲਾ ਦਿੰਦੇ ਹੋਏ ਲਿਖਿਆ ਕਿ ਇਹ ਸਭ ਬਹੁਤ ‘ਵਿਨਾਸ਼ਕਾਰੀ’ ਸੀ।