ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਮੰਗਲਵਾਰ ਦੇਰ ਰਾਤ ਸੂਚੀ ਜਾਰੀ ਕਰ ਦਿੱਤੀ ਗਈ ਹੈ। ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਕਾਂਗਰਸ ਨੇ ਗਿੱਦੜਬਾਹਾ ਸੀਟ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਰਾਜਾ ਵੜਿੰਗ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਹੈ। ਹੁਣ ਪਾਰਟੀ ਨੇ ਇੱਥੋਂ ਉਨ੍ਹਾਂ ਦੀ ਪਤਨੀ ਨੂੰ ਉਮੀਦਵਾਰ ਬਣਾਇਆ ਹੈ।
ਇਸ ਤੋਂ ਪਹਿਲਾ ਮੰਗਲਵਾਰ ਨੂੰ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ। ਫਿਲਹਾਲ ਭਾਜਪਾ ਨੇ ਸਿਰਫ਼ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਸੀਟਾਂ ਲਈ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚੱਬੇਵਾਲ ਸੀਟ ਲਈ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਲਈ ਹਲਚਲ ਜਾਰੀ ਹੈ। ਗਿੱਦੜਬਾਹਾ ਸੀਟ ਤੋਂ ਮਨਪ੍ਰੀਤ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਸਰਦਾਰ ਰਵੀਕਰਨ ਕਾਹਲੋਂ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।