ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਟਰੂਡੋ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਕੈਨੇਡਾ ਸਰਕਾਰ ਨੇ ਵਿਜ਼ਟਰ ਵੀਜ਼ਾ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਅਤੇ ਆਰਜ਼ੀ ਕਾਮਿਆਂ ਦੀ ਗਿਣਤੀ ਨੂੰ ਸੀਮਤ ਕਰਨ ਮਗਰੋਂ ਹੁਣ ਕੈਨੇਡਾ ਵੱਲੋਂ ਮਲਟੀਪਲ ਵੀਜ਼ਾ ਐਂਟਰੀ ਦੇ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਕੈਨੇਡਾ ਇਮੀਗ੍ਰੇਸ਼ਨ ਦੀ ਅਧਿਕਾਰਤ ਵੈਬਸਾਈਟ ਉੱਤੇ ਦਿੱਤੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਿਕ , ਕੈਨੇਡਾ ਨੇ ਕਿਹਾ ਹੈ ਕਿ ਪਹਿਲਾਂ ਤੋਂ ਜਾਰੀ ਮਲਟੀਪਲ ਐਂਟਰੀ ਵੀਜ਼ਾ ਦਸਤਾਵੇਜ਼ ਹੁਣ ਕੈਨੇਡਾ ਵਿੱਚ ਪ੍ਰਵੇਸ਼ ਲਈ ਕੋਈ ਤੈਅ ਪੈਮਾਨਾ ਨਹੀਂ ਹੋਵੇਗਾ। ਇਹ ਇਮੀਗ੍ਰੇਸ਼ਨ ਅਧਿਕਾਰੀ ਉੱਤੇ ਨਿਰਭਰ ਕਰੇਗਾ ਕਿ ਉਹ ਕਿਸੇ ਨੂੰ ਸਿੰਗਲ ਜਾਂ ਮਲਟੀਪਲ ਐਂਟਰੀ ਦੀ ਇਜਾਜ਼ਤ ਦਿੰਦਾ ਹੈ ਜਾਂ ਨਹੀਂ ਹੈ। ਇਸ ਤੋਂ ਇਲਾਵਾ ਵੈਧਤਾ ਦੀ ਮਿਆਦ ਬਾਰੇ ਵੀ ਅਧਿਕਾਰੀ ਆਪਣੇ ਆਪ ਫ਼ੈਸਲਾ ਲੈ ਸਕਦਾ ਹੈ।