ਜਲੰਧਰ ਵਿੱਚ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੇ ਪੰਜ ਦਿਨਾਂ ਤੋਂ ਗੰਨੇ ਦੀਆਂ ਕੀਮਤਾਂ ਵਧਾਉਣ ਅਤੇ ਬਕਾਇਆ ਰਾਸ਼ੀ ਅਦਾਇਗੀ ਕਰਨ ਲਈ ਕਿਸਾਨਾਂ ਨੇ ਧਰਨਾ ਲਗਾਇਆ ਹੋਇਆ ਸੀ। ਜਿਸ ਦੇ ਚਲਦਿਆਂ ਦੋ ਦੌਰ ਦੀ ਬੈਠਕ ਵੀ ਕੀਤੀ ਗਈ ਜੋ ਕਿ ਬੇਸਿੱਟਾ ਰਹੀ ਪਰ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਹੈ। ਸਰਕਾਰ ਕਿਸਾਨਾਂ ਲਈ ਗੰਨੇ ਦੀਆਂ ਕੀਮਤਾਂ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਸਹਿਮਤ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਜਲੰਧਰ ਹਾਈਵੇਅ ਅਤੇ ਰੇਲਵੇ ਟਰੈਕ ਤੋਂ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ।
ਮੰਗਲਵਾਰ ਨੂੰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਨੂੰ ਵੀ ਅਪੀਲ ਕੀਤੀ ਸੀ ਕਿ ਗੁਆਂਢੀ ਸੂਬਿਆਂ ਦੀ ਤਰਜ਼ ‘ਤੇ ਗੰਨੇ ਦੀ ਐਸ.ਏ.ਪੀ. ਨੂੰ ਵਧਾ ਕੇ ਘੱਟੋ ਘੱਟ 360 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਵੀ ਕਿਸਾਨਾਂ ਦੀ ਗੰਨੇ ਦੀ ਫਸਲ ਦੇ ਭਾਅ ਦੇ ਸਬੰਧ ਵਿੱਚ ਸਰਕਾਰ ਨੂੰ ਅਪੀਲ ਕਰ ਰਹੇ ਸਨ। ਜਿਸ ਤੋਂ ਬਾਅਦ ਸਰਕਾਰ ਅਤੇ ਕਿਸਾਨ ਯੂਨੀਅਨ ਵਿਚਕਾਰ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਸਮਝੌਤਾ ਹੋਇਆ ਹੈ। ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਜਿਸ ਕਰਕੇ ਕਿਸਾਨ ਵੀ ਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ ਤੇ ਹੁਣ ਜਲੰਧਰ ਵਿੱਚ ਗੰਨਾ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ ਜਲਦ ਹੀ ਚੁੱਕ ਲਿਆ ਜਾਵੇਗਾ।