ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਵੀ ਭਾਰਤੀ ਜਨਤਾ ਪਾਰਟੀ ਵਿੱਚ ਰਲੇਵਾਂ ਕਰ ਦਿੱਤਾ ਹੈ। ਅੱਜ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕਿਰਨ ਰਿਜਿਜੂ ਨੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਵਾਈ ਹੈ। ਅਮਰਿੰਦਰ ਦੇ ਨਾਲ-ਨਾਲ ਉਨ੍ਹਾਂ ਦੇ ਕਈ ਸਾਥੀ ਵੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।
ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਗੱਲਬਾਤ ਕੀਤੀ ਸੀ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਤੁਸੀਂ ਪੰਜਾਬ ਦਾ ਕੋਈ ਭਵਿੱਖ ਦੇਖਣਾ ਚਾਹੁੰਦੇ ਹੋ ਤਾਂ ਭਾਜਪਾ ਵਿੱਚ ਰਲੇਵਾਂ ਕਰ ਲਓ। ਉਨ੍ਹਾਂ ਕਿਹਾ ਕਿ ਸਾਡੀ ਅਤੇ ਭਾਜਪਾ ਦੀ ਵਿਚਾਰਧਾਰਾ ਇੱਕੋ ਹੈ। ਕੈਪਟਨ ਅਮਰਿੰਦਰ ਸਿੰਘ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਤੋਂ ਵੱਖ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2022 ਦੀਆਂ ਚੋਣਾਂ ਲਈ ਪੀਐੱਲਸੀ ਪਾਰਟੀ ਬਣਾਈ ਅਤੇ ਫਿਰ ਭਾਜਪਾ ਨਾਲ ਮਿਲ ਕੇ ਚੋਣਾਂ ਲੜੀਆਂ। ਹਾਲਾਂਕਿ ਆਮ ਆਦਮੀ ਪਾਰਟੀ ਦੀ ਹਨੇਰੀ ਵਿੱਚ ਭਾਜਪਾ ਅਤੇ ਅਮਰਿੰਦਰ ਸਿੰਘ ਦੋਵਾਂ ਨੂੰ ਖਾਲੀ ਹੱਥ ਰਹਿਣਾ ਪਿਆ।