ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜ਼ਬਰਦਸਤ ਜਿੱਤ ਨੇ ਵਿਰੋਧੀ ਪਾਰਟੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਕਲੀਨ ਸਵੀਪ ਕੀਤਾ ਹੈ, ਉਸ ਨੂੰ ਦੇਖਦਿਆਂ ਕਾਂਗਰਸ ਨੇ ਆਪਣੀ ਹਾਰ ਦਾ ਦੋਸ਼ ਸਾਬਕਾ ਸੀਐੱਮ ਅਤੇ ਕਾਂਗਰਸ ਦੇ ਬਾਗੀ ਕੈਪਟਨ ਅਮਰਿੰਦਰ ਸਿੰਘ ‘ਤੇ ਮੜ੍ਹ ਦਿੱਤਾ ਹੈ। ਦੱਸ ਦੇਈਏ ਕਿ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ 4.5 ਸਾਲਾਂ ਤੋਂ ਸੱਤਾ ਵਿਰੋਧੀ ਲਹਿਰ ਕਾਰਨ ਉਨ੍ਹਾਂ ਦੀ ਪਾਰਟੀ ਨੂੰ ਪੰਜਾਬ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਦੇ ਇਸ ਬਿਆਨ ‘ਤੇ ਟਵੀਟ ਕਰਕੇ ਜਵਾਬ ਦਿੱਤਾ ਹੈ।
ਅਮਰਿੰਦਰ ਸਿੰਘ ਨੇ ਟਵੀਟ ਕਰਕੇ ਲਿਖਿਆ, ”ਕਾਂਗਰਸ ਦੀ ਲੀਡਰਸ਼ਿਪ ਕਦੇ ਨਹੀਂ ਸਿੱਖੇਗੀ। ਯੂਪੀ ‘ਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ? ਮਨੀਪੁਰ, ਗੋਆ, ਉੱਤਰਾਖੰਡ ਬਾਰੇ ਕੀ? ਜਵਾਬ ਮੋਟੇ ਅੱਖਰਾਂ ਵਿੱਚ ਹੈ, ਪਰ ਹਮੇਸ਼ਾਂ ਵਾਂਗ ਮੈਨੂੰ ਲਗਦਾ ਹੈ ਕਿ ਉਹ ਇਸਨੂੰ ਪੜ੍ਹਨ ਤੋਂ ਬਚਣਗੇ।” ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ। ਉਨ੍ਹਾਂ ਦੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਚੋਣ ਲੜੀ ਸੀ। ਹਾਲਾਂਕਿ ਇਸ ਚੋਣ ਵਿੱਚ ਅਮਰਿੰਦਰ ਸਿੰਘ ਵੀ ਪਟਿਆਲਾ ਸ਼ਹਿਰ ਤੋਂ ਆਪਣੀ ਸੀਟ ਨਹੀਂ ਬਚਾ ਸਕੇ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਅਜੀਤ ਪਾਲ ਕੋਹਲੀ ਨੇ ਹਰਾਇਆ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਇਸ ਚੋਣ ਵਿੱਚ ਇੱਕ ਵੀ ਸੀਟ ਨਹੀਂ ਜਿੱਤ ਸਕੀ, ਜਦਕਿ ਭਾਜਪਾ ਨੂੰ 117 ਸੀਟਾਂ ਵਿੱਚੋਂ ਸਿਰਫ਼ ਦੋ ਸੀਟਾਂ ਹੀ ਮਿਲ ਸਕੀਆਂ। ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਮਿਲੀਆਂ ਸਨ ਜਦੋਂਕਿ ਸੱਤਾਧਾਰੀ ਕਾਂਗਰਸ 18 ਸੀਟਾਂ ਨਾਲ ਦੂਜੇ ਨੰਬਰ ’ਤੇ ਰਹੀ ਸੀ।