ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਦੇ ਫਿਰੋਜ਼ਪੁਰ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਰਹੇ ਸਨ, ਜਿਸ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ ਦੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ। ਪਰ ਹੁਣ ਇਸ ਮਸਲੇ ‘ਤੇ ਲਗਾਤਾਰ ਸਿਆਸਤ ਭੱਖਦੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਲਈ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਰਖਾਸਤ ਕਰਕੇ ਸੂਬੇ ਅੰਦਰ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ।
ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ‘ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਕੈਪਟਨ ਨੇ ਟਵੀਟ ਕਰ ਕਿਹਾ ਕਿ, “ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਖਾਸ ਤੌਰ ‘ਤੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਪੰਜਾਬ। ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੂਰ, ਤੁਹਾਨੂੰ ਅਹੁਦੇ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ!”