ਵੀਰਵਾਰ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਿੰਦਰ ਸਿੰਘ ਚਾਹਲ ਵਿਰੁੱਧ ਕੇਸ ਦਰਜ ਕੀਤਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਚਾਹਲ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ 305 ਫੀਸਦੀ ਜ਼ਿਆਦਾ ਖਰਚ ਕੀਤਾ ਹੈ। ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1)ਬੀ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਭਰਤਿੰਦਰ ਚਾਹਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ, ਜਦੋਂ ਕਿ 31,79,89,011 ਰੁਪਏ ਖਰਚ ਕੀਤੇ ਗਏ ਸਨ। ਇਹ ਆਮਦਨ ਦੇ ਸਪੱਸ਼ਟ ਸਰੋਤਾਂ ਨਾਲੋਂ ਲਗਭਗ 305 ਪ੍ਰਤੀਸ਼ਤ ਵੱਧ ਹੈ।