ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁੱਧਵਾਰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਦੇਰ ਸ਼ਾਮ ਉਨ੍ਹਾਂ ਦੇ ਪੇਟ ‘ਚ ਦਰਦ ਹੋਣ ਲੱਗਿਆ ਸੀ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ। ਫਿਲਹਾਲ ਇਸ ਨੂੰ ਮੁੱਖ ਮੰਤਰੀ ਦੀ ਟੀਮ ਵੱਲੋਂ ਰੂਟੀਨ ਚੈਕਅੱਪ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦਿੱਲੀ ਵਿੱਚ ਭਰਤੀ ਹੋਣ ਤੋਂ ਕੁੱਝ ਸਮਾਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਆਪਣੇ ਟਵਿਟਰ ਅਕਾਊਂਟ ਤੋਂ ਟਵੀਟ ਕਰਕੇ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿੱਚ ਹੋਏ ਮੁਕਾਬਲੇ ‘ਚ ਸਫ਼ਲਤਾ ਲਈ ਵਧਾਈ ਦਿੱਤੀ ਸੀ।
ਇਸ ਮੁਕਾਬਲੇ ਨੂੰ ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ ਕਿ ਮੁੱਖ ਮੰਤਰੀ ਨੂੰ ਹੁਣ ਕਦੋਂ ਤੱਕ ਹਸਪਤਾਲ ਵਿੱਚ ਰੱਖਿਆ ਜਾਵੇਗਾ। ਹਾਲਾਂਕਿ ਉਨ੍ਹਾਂ ਦੇ ਪੇਟ ਦਰਦ ਤੋਂ ਇਲਾਵਾ ਪੂਰੇ ਸਰੀਰ ਦਾ ਚੈਕਅੱਪ ਵੀ ਕੀਤਾ ਜਾਵੇਗਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।