ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। ਇਸ ਤੋਂ ਬਾਅਦ 12:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ। ਜਿਸ ਵਿੱਚ ‘ਆਪ’ ਦੇ ਚੋਣ ਐਲਾਨਾਂ ਸਬੰਧੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣਾਏ ਜਾ ਸਕਦੇ ਹਨ। ਹਾਲਾਂਕਿ ਸ਼ੁਰੂਆਤ ‘ਚ 10 ਤੋਂ 12 ਮੰਤਰੀ ਸਹੁੰ ਚੁੱਕਣਗੇ। ਕੁੱਝ ਸਮੇਂ ਬਾਅਦ ਮਾਨ ਸਰਕਾਰ ਦਾ ਮੰਤਰੀ ਮੰਡਲ ਵਿਸਥਾਰ ਹੋਵੇਗਾ। ਫਿਲਹਾਲ ਮੰਤਰੀਆਂ ਦੇ ਨਾਵਾਂ ਦੀ ਰਸਮੀ ਸੂਚੀ ਜਾਰੀ ਨਹੀਂ ਕੀਤੀ ਗਈ ਹੈ।
ਪਰ ਸੂਤਰਾਂ ਅਨੁਸਾਰ ਵਿਧਾਇਕ ਹਰਪਾਲ ਚੀਮਾ, ਅਮਨ ਅਰੋੜਾ, ਕੁਲਤਾਰ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਸਰਵਜੀਤ ਕੌਰ ਮਾਣੂੰਕੇ, ਮੀਤ ਹੇਅਰ ਮੰਤਰੀ ਬਣ ਸਕਦੇ ਹਨ। ਇਹ ਸਭ ਦੂਜੀ ਵਾਰ ਵਿਧਾਇਕ ਚੁਣਨ ਤੋਂ ਬਾਅਦ ਆਏ ਹਨ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ ‘ਚ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਹਰਾਉਣ ਵਾਲੀ ਜੀਵਨਜੋਤ ਕੌਰ, ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਅਤੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੀ ਗੁਰਮੀਤ ਖੁੱਡੀਆਂ ਵੀ ਮੰਤਰੀ ਬਣ ਸਕਦੇ ਹਨ। ਉਨ੍ਹਾਂ ਤੋਂ ਇਲਾਵਾ ਖਰੜ ਤੋਂ ਅਨਮੋਲ ਗਗਨ ਮਾਨ, ਸੰਗਰੂਰ ਤੋਂ ਨਰਿੰਦਰ ਕੌਰ ਭਾਰਜ ਅਤੇ ਪ੍ਰਿੰਸੀਪਲ ਬੁੱਧਰਾਮ ਵੀ ਇਸ ਦੌੜ ਵਿੱਚ ਸ਼ਾਮਿਲ ਹਨ।
ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ। ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਚਮਤਕਾਰੀ ਢੰਗ ਨਾਲ ਸੁਧਰਨ ਦਾ ਵੀ ਦਾਅਵਾ ਕੀਤਾ ਗਿਆ। ਹੁਣ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਸਾਰੇ ਫੈਸਲਿਆਂ ਦੀ ਨਿਗਰਾਨੀ ਕੀਤੀ ਜਾਵੇਗੀ।