ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋ ਚੁੱਕੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ-ਵਸ ਨਹੀਂ ਹੁੰਦੀ…ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ ਲੋਕਾਂ ਨੂੰ ਬੇਵੱਸ ਛੱਡ ਦੇਵੇ। ਇਸ ਮੌਕੇ ਉਨ੍ਹਾਂ ਕਿਸਾਨ ਪਰਿਵਾਰਾਂ ਦੇ ਹੋਏ ਚੱਪੇ-ਚੱਪੇ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।
ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆ ਦੇ ਸੇਮ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦੇ ਖਾਤਮੇ ਨੂੰ ਯਕੀਨੀ ਬਣਾਉਣ ਲਈ ਇੱਕ ਫੁਲਪਰੂਫ ਯੋਜਨਾ ਤਿਆਰ ਕਰਨ ਲਈ ਆਖਿਆ ਹੈ। ਸਭ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ `ਤੇ ਜੰਗੀ ਪੱਧਰ `ਤੇ ਕੰਮ ਸ਼ੁਰੂ ਕਰੇਗੀ ਤਾਂ ਜੋ ਸੇਮ ਨਾਲ ਹੋਣ ਵਾਲੀ ਤਬਾਹੀ ਨੂੰ ਤੁਰੰਤ ਰੋਕਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੇਮ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।