ਲੱਗਭਗ ਬੀਤੇ 9 ਮਹੀਨਿਆਂ ਤੋਂ ਕਿਸਾਨਾਂ ਵੱਲੋ ਦਿੱਲੀ ਦੀਆ ਸਰਹੱਦਾਂ ‘ਤੇ ਮੋਦੀ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ। ਕਿਸਾਨਾਂ ਵੱਲੋ ਲਗਾਤਰ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਂ ਰਹੀ ਹੈ। ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ 11 ਦੌਰ ਦੀ ਗੱਲਬਾਤ ਤੋਂ ਬਾਅਦ ਵੀ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਜਦਕਿ ਜਨਵਰੀ ਮਹੀਨੇ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਵੀ ਬੰਦ ਹੈ। ਇਸ ਦੌਰਾਨ ਹੁਣ ਇਸ ਖੜੋਤ ਨੂੰ ਖਤਮ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ।
Met Home Minister @AmitShah today to once again impress upon urgent need to #RepealFarmLaws and break deadlock with farmers who have rejected these legislations. Sadly hundreds farmers & farm workers have lost their lives in their fight for their rights since the agitation.
— Capt.Amarinder Singh (@capt_amarinder) August 10, 2021
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਿਚਕਾਰ ਵੱਡੇ ਪੱਧਰ ਉਤੇ ਬੇਚੈਨੀ ਪਾਈ ਜਾ ਰਹੀ ਹੈ। ਸਰਹੱਦ ਪਾਰ ਤੋਂ ਵਿਰੋਧੀ ਤਾਕਤਾਂ ਵੱਲੋਂ ਸਰਕਾਰ ਖ਼ਿਲਾਫ਼ ਰੋਹ ਭੜਕਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਖਦਸ਼ਿਆਂ ਉਤੇ ਫਿਕਰ ਜਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਛੇਤੀ ਹੱਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੂਨ, 2020 ਵਿਚ ਲਿਆਂਦੇ ਆਰਡੀਨੈਂਸਾਂ ਦੇ ਸਮੇਂ ਤੋਂ ਲੈ ਕੇ ਪੰਜਾਬ ਵਿੱਚ ਪ੍ਰਦਰਸ਼ਨ ਚੱਲ ਰਹੇ ਹਨ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ, “ਭਾਵੇਂ ਹੁਣ ਤੱਕ ਇਹ ਪ੍ਰਦਰਸ਼ਨ ਵੱਡੀ ਪੱਧਰ ਉਤੇ ਸ਼ਾਂਤਮਈ ਰਹੇ ਹਨ ਪਰ ਇਸ ਸਮੇਂ ਲੋਕਾਂ ਵਿੱਚ ਵੱਧ ਰਹੇ ਗੁੱਸੇ ਦਾ ਪ੍ਰਗਟਾਵਾ ਹੁੰਦਾ ਦਿੱਖ ਰਿਹਾ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬਾ ਸਾਲ 2022 ਦੇ ਆਰੰਭ ‘ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵੱਲ ਵੱਧ ਰਿਹਾ ਹੈ।”
ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੰਦੋਲਨ ਦਿੱਲੀ ਦੀਆਂ ਸਰਹੱਦਾਂ ਵਿੱਚ ਤਬਦੀਲ ਹੋਣ ਤੋਂ ਬਾਅਦ 400 ਤੋਂ ਵੱਧ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਆਪਣੇ ਅਧਿਕਾਰਾਂ ਦੀ ਲੜਾਈ ਵਿੱਚ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਯਾਦ ਕੀਤਾ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਸ਼ਾਹ ਤੋਂ ਪੰਜਾਬ ਦੇ ਸਰਬ ਪਾਰਟੀ ਵਫ਼ਦ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ।