ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ‘ਚ ਹੋਏ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉੱਥੇ ਹੀ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਸਪਤਾਲ ਪਹੁੰਚੇ ਤੇ ਜ਼ਖਮੀ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਜ਼ਖਮੀਆਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਾਵੁਕ ਵੀ ਹੋ ਗਏ।
ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਦੱਸ ਦੇਈਏ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ। ਪੱਤਰਕਾਰਾਂ ਨਾਲ ਗੱਲ਼ ਕਰਦਿਆਂ ਸੀਐਮ ਚੰਨੀ ਨੇ ਕਿਹਾ ਜਿਸ ਦਿਨ ਤੋਂ ਅਸੀਂ ਨਸ਼ਿਆਂ ਦੇ ਸੌਦਾਗਰਾਂ ਪਿੱਛੇ ਪਏ ਹੋਏ ਹਾਂ, ਉਸ ਦਿਨ ਤੋਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਆਉਣ ਵਾਲੀਆਂ ਚੋਣਾਂ ਕਰਕੇ ਏਜੰਸੀਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।