SYL ਨੂੰ ਲੈ ਕੇ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ CM ਮਨੋਹਰ ਲਾਲ ਖੱਟਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਹੈ ਅਤੇ ਉਹ ਲੈਂਦੇ ਰਹਿਣਗੇ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਲਈ ਸਮਾਂ-ਸੀਮਾ ਤੈਅ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਵਿੱਚ ਮਸਲਾ ਜ਼ਰੂਰ ਹੱਲ ਹੋ ਜਾਵੇਗਾ।
ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ 14 ਅਕਤੂਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਵੇਗੀ। ਚੰਡੀਗੜ੍ਹ ਵਿੱਚ ਸਵੇਰੇ 11.30 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸੀਐਮ ਮਨੋਹਰ ਲਾਲ ਅਤੇ ਭਗਵੰਤ ਮਾਨ ਮਾਮਲੇ ਨੂੰ ਸੁਲਝਾਉਣ ਲਈ ਵਿਚਾਰ ਵਟਾਂਦਰਾ ਕਰਨਗੇ। ਮੀਟਿੰਗ ਤੋਂ ਪਹਿਲਾਂ ਮਨੋਹਰ ਲਾਲ ਦੇ ਇਸ ਬਿਆਨ ਦੇ ਕਈ ਅਰਥ ਕੱਢੇ ਜਾ ਰਹੇ ਹਨ।
ਸੀਐਮ ਮਨੋਹਰ ਲਾਲ ਨੇ ਸਪੱਸ਼ਟ ਕੀਤਾ ਹੈ ਕਿ ਐਸਵਾਈਐਲ ਦੇ ਪਾਣੀ ‘ਤੇ ਹਰਿਆਣਾ ਦੇ ਲੋਕਾਂ ਦਾ ਅਧਿਕਾਰ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਨੂੰ ਇਹ ਅਧਿਕਾਰ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਪਾਣੀ ਹਰਿਆਣਾ ਲਈ ਬਹੁਤ ਜ਼ਰੂਰੀ ਹੈ। ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਇਸ ਅਹਿਮ ਮੀਟਿੰਗ ਵਿੱਚ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ।