ਸਰਕਾਰੀ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸ਼ੁਰੂ ਹੋਈ ਜੰਗ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਰਾਜਪਾਲ ਦਾ ਨਾਂ ਲਏ ਬਿਨਾਂ ਮੁੱਖ ਮੰਤਰੀ ਨੇ ਤੰਜ ਕਸਦੇ ਹੋਏ ਕਿਹਾ ਕਿ ਪੰਜਾਬ ਦੇ ਫੈਸਲੇ ਲੋਕਾਂ ਵੱਲੋਂ ਚੁਣੇ ਹੋਏ ( elected )ਲੋਕ ਲੈਣਗੇ, ਚੁਣੇ (selected) ਹੋਏ ਲੋਕ ਨਹੀਂ।
ਇਸੇ ਦੌਰਾਨ ਮੁੱਖ ਮੰਤਰੀ ਦੀ ਤਰਫ਼ੋਂ ਉਨ੍ਹਾਂ ਵੱਲੋਂ ਇਸੇ ਮੁੱਦੇ ’ਤੇ ਲਿਖੇ ਪੱਤਰ ਦਾ ਜਵਾਬ ਵੀ ਰਾਜਪਾਲ ਨੂੰ ਭੇਜਿਆ ਗਿਆ। ਇਸ ਪੱਤਰ ਵਿੱਚ ਭਗਵੰਤ ਮਾਨ ਨੇ ਲਿਖਿਆ- ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਅਤੇ ਮੇਰੀ ਸਰਕਾਰ 3 ਕਰੋੜ ਪੰਜਾਬੀਆਂ ਪ੍ਰਤੀ ਜਵਾਬਦੇਹ ਹਾਂ। ਤੁਸੀਂ ਮੈਨੂੰ ਪੁੱਛਿਆ ਹੈ ਕਿ ਸਿੰਗਾਪੁਰ ਵਿੱਚ ਸਿਖਲਾਈ ਲਈ ਅਧਿਆਪਕਾਂ ਦੀ ਚੋਣ ਕਿਸ ਆਧਾਰ ‘ਤੇ ਕੀਤੀ ਗਈ ਹੈ? ਪੰਜਾਬ ਦੇ ਲੋਕ ਪੁੱਛਣਾ ਚਾਹੁੰਦੇ ਹਨ ਕਿ ਭਾਰਤੀ ਸੰਵਿਧਾਨ ਵਿੱਚ ਬਿਨਾਂ ਕਿਸੇ ਸਪੱਸ਼ਟ ਯੋਗਤਾ ਦੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਰਾਜਾਂ ਵਿੱਚ ਚੁਣੇ ਗਏ ਰਾਜਪਾਲ ਕਿਸ ਆਧਾਰ ’ਤੇ ਚੁਣੇ ਗਏ ਹਨ। ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਿੱਚ ਵਾਧਾ ਕੀਤਾ ਜਾਵੇ।
ਦਰਅਸਲ ਸੋਮਵਾਰ ਨੂੰ ਹੀ ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਨੇ ਭਗਵੰਤ ਮਾਨ ਸਰਕਾਰ ਨੂੰ ਚਿੱਠੀ ਲਿਖੀ ਸੀ। ਇਸ ਵਿੱਚ ਸਿਖਲਾਈ ‘ਤੇ ਵਿਦੇਸ਼ ਭੇਜੇ ਗਏ ਅਧਿਆਪਕਾਂ ਦੀ ਚੋਣ ਦੇ ਮਾਪਦੰਡਾਂ ਦੇ ਨਾਲ-ਨਾਲ ਉਨ੍ਹਾਂ ਦੇ ਵਿਦੇਸ਼ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ‘ਤੇ ਹੋਣ ਵਾਲੇ ਖਰਚੇ ਦਾ ਵੇਰਵਾ ਮੰਗਿਆ ਗਿਆ ਸੀ। 15 ਦਿਨਾਂ ਵਿੱਚ ਇਹ ਵੇਰਵਾ ਨਾ ਮਿਲਣ ਦੀ ਸੂਰਤ ਵਿੱਚ ਕਾਨੂੰਨੀ ਰਾਇ ਲੈ ਕੇ ਲੋੜੀਂਦੀ ਕਾਰਵਾਈ ਕਰਨ ਦਾ ਮਾਮਲਾ ਵੀ ਰਾਜਪਾਲ ਦੇ ਪੱਤਰ ਵਿੱਚ ਲਿਖਿਆ ਗਿਆ ਸੀ।