ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਦੇ ਕੈਲੀਫੋਰਨੀਆ ‘ਚ ਗ੍ਰਿਫਤਾਰੀ ਦੇ ਸ਼ੱਕ ਨੂੰ ਦੂਰ ਕਰ ਦਿੱਤਾ ਹੈ। ਗੁਜਰਾਤ ਚੋਣਾਂ ‘ਚ ਪ੍ਰਚਾਰ ਕਰਨ ਗਏ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਜਲਦੀ ਹੀ ਗੋਲਡੀ ਬਰਾੜ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਗੁਜਰਾਤ ‘ਚ ਚੋਣ ਪ੍ਰਚਾਰ ‘ਤੇ ਹਨ। ਜਿੱਥੇ ਉਨ੍ਹਾਂ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਉਸ ਨੂੰ ਜਲਦ ਪੰਜਾਬ ਲਿਆਉਣ ਦੀ ਗੱਲ ਕਹੀ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਉਹ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹਨ। ਅੱਜ ਸਵੇਰੇ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਜਲਦ ਹੀ ਪੰਜਾਬ ਵਿੱਚ ਗੈਂਗਸਟਰ ਕਲਚਰ ਖਤਮ ਹੋ ਜਾਵੇਗਾ। ਇਹ ਗੈਂਗਸਟਰ ਵਿਦੇਸ਼ਾਂ ‘ਚ ਬੈਠੇ ਹਨ, ਇਸ ਲਈ ਕੁੱਝ ਸਮਾਂ ਲੱਗ ਰਿਹਾ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਲੁੱਟ-ਖੋਹ, ਫਿਰੌਤੀ, ਕਤਲ ਦੀ ਖੇਡ ਗੈਂਗਸਟਰ ਵਿਦੇਸ਼ਾਂ ‘ਚ ਬੈਠਕੇ ਖੇਡਦੇ ਹਨ। ਪਰ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਇਸ ਨੂੰ ਤੋੜਨ ਦੇ ਕਈ ਯਤਨ ਹੋਏ ਹਨ। ਪਰ ਹਰ ਵਾਰ ਉਹ ਅਸਫਲ ਰਹੇ ਹਨ। ਪੰਜਾਬ ਸਰਕਾਰ ਇਸ ਸਾਂਝ ਨੂੰ ਕਦੇ ਵੀ ਟੁੱਟਣ ਨਹੀਂ ਦੇਵੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ, ਜੋ ਕਤਲ, ਫਿਰੌਤੀ, ਅਗਵਾ ਵਰਗੀਆਂ ਘਟਨਾਵਾਂ ਵਿੱਚ ਸ਼ਾਮਿਲ ਸੀ। ਇਸ ਤੋਂ ਬਾਅਦ ਉਸ ਨੂੰ ਫੜ ਲਿਆ ਗਿਆ ਹੈ ਅਤੇ ਹੁਣ ਜਲਦੀ ਹੀ ਉਸ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾਵੇਗਾ।