ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਇਸ ਕਦਮ ਨੂੰ ਕੇਂਦਰ ਸਰਕਾਰ ਦੀ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਾਰਤ ਲਈ ਸਭ ਤੋਂ ਵੱਧ ਅਨਾਜ ਪੈਦਾ ਕਰਨ ਵਾਲੇ ਅਤੇ ਦੇਸ਼ ਦੀ ਤਾਕਤ ਵਜੋਂ ਜਾਣਿਆ ਜਾਂਦਾ ਹੈ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨਾ ਭਾਰਤ ਸਰਕਾਰ ਦੀ ਵਿਸ਼ਵ ਪੱਧਰ ‘ਤੇ ਪੰਜਾਬ ਦੇ ਅਕਸ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਭਗਵੰਤ \ਮਾਨ ਨੇ ਵਿਦੇਸ਼ ਮੰਤਰਾਲੇ ਵੱਲੋਂ ਹਵਾਈ ਜਹਾਜ਼ਾਂ ਦੇ ਉਤਰਨ ਲਈ ਅੰਮ੍ਰਿਤਸਰ ਨੂੰ ਚੁਣਨ ‘ਤੇ ਸਵਾਲ ਉਠਾਏ ਹਨ ਜਦੋਂ ਦੇਸ਼ ‘ਚ ਸੈਂਕੜੇ ਹੋਰ ਹਵਾਈ ਅੱਡੇ ਹਨ।