ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਹੇਠਲੇ ਪੱਧਰ ਦੇ ਪੁਲਿਸ ਅਧਿਕਾਰੀਆਂ ਅਤੇ ਤਸਕਰਾਂ ਵਿਚਕਾਰ ਗਠਜੋੜ ਨੂੰ ਤੋੜਨ ਲਈ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਜੋ ਵੀ ਪੁਲਿਸ ਅਧਿਕਾਰੀ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ਪਾਇਆ ਗਿਆ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ ਅਤੇ ਸਮੱਗਲਰਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਮਾਨ ਨੇ ਸੂਬੇ ਭਰ ਵਿੱਚ ਹੇਠਲੇ ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕਰਨ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਵਿਭਾਗ ਨੂੰ ਮਜ਼ਬੂਤ ਕਰਨ ਲਈ 10,000 ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਚੰਡੀਗੜ੍ਹ ਵਿੱਚ ਸੀਨੀਅਰ ਪੁਲਿਸ ਕਪਤਾਨਾਂ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਜਲਦੀ ਹੀ ਸੁਧਾਰ ਦੇਖਣ ਨੂੰ ਮਿਲਣਗੇ।
