ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਨ। ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਨੇ 16 ਮਾਰਚ ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਪ੍ਰਧਾਨ ਮੰਤਰੀ ਨੇ ਵੀ ਮਾਨ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਸੀ। ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ 117 ‘ਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਸੀਐਮ ਭਗਵੰਤ ਮਾਨ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿੱਥੇ ਲੋਕ ਰਿਸ਼ਵਤ ਮੰਗਣ ਵਾਲੇ ਸਰਕਾਰੀ ਕਰਮਚਾਰੀਆਂ ਨਾਲ ਸਬੰਧਤ ਵੀਡੀਓ ਸ਼ੇਅਰ ਕਰ ਸਕਦੇ ਹਨ। ਮਾਨ ਨੇ ਸ਼ਹੀਦੀ ਦਿਵਸ ਮੌਕੇ ਹੈਲਪਲਾਈਨ ਨੰਬਰ ਜਾਰੀ ਕਰਦਿਆਂ ਇਸ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਕਰਾਰ ਦਿੱਤਾ।