ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਨਾਲ ਮੁੱਖ ਮੰਤਰੀ ਦੇ ਸਰਕਾਰੀ ਆਵਾਸ ਵਿਖੇ ਮੁਲਾਕਾਤ ਕੀਤੀ ਹੈ, ਇਸ ਦੌਰਾਨ ਇੱਕ ਵੱਡਾ ਫੈਸਲਾ ਵੀ ਲਿਆ ਗਿਆ ਹੈ, ਜਿਸ ਮੁਤਾਬਿਕ ਪੰਜਾਬ ਤੇ ਬਰਤਾਨੀਆ ਨੇ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ।
ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ @AlexWellis ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ..ਉਹਨਾਂ ਨਾਲ ਸਿੱਖਿਆ, ਤਕਨੀਕ ਅਤੇ ਕਈ ਹੋਰ ਖੇਤਰਾਂ 'ਚ ਮਿਲਕੇ ਕੰਮ ਕਰਨ ਨੂੰ ਲੈਕੇ ਚਰਚਾ ਹੋਈ
ਪੰਜਾਬ ਅਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ 'ਤੇ ਵੀ ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। pic.twitter.com/WhCHMdOYHo
— Bhagwant Mann (@BhagwantMann) May 26, 2022
ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।
ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਏਲਿਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ।