ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜ਼ੇ ਦੇ ਤੌਰ ‘ਤੇ ਦਿੱਤਾ ਜਾਵੇਗਾ। ਬੁੱਧਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਲਗਾਤਾਰ ਰਿਪੋਰਟਾਂ ਵੀ ਲੈ ਰਹੇ ਹਨ। ਰਾਜ ਭਰ ਵਿੱਚ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਦੇਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਉਨ੍ਹਾਂ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਸਥਿਤੀ ਸੁਧਰਨ ਦੀ ਉਮੀਦ ਪ੍ਰਗਟਾਈ ਸੀ ਪਰ ਪੰਜਾਬ ਦੇ ਕੁੱਝ ਇਲਾਕਿਆ ‘ਚ ਰਾਤ ਨੂੰ ਮੌਸਮ ਫਿਰ ਖਰਾਬ ਹੋ ਗਿਆ ਹੈ ਜਿਸ ਕਾਰਨ ਪ੍ਰਸ਼ਾਸਨ ਤੇ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਨੇ।