ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿੱਚ 74ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਹਟਾਉਣ ਲਈ ਅਫਸੋਸ ਪ੍ਰਗਟ ਕੀਤਾ ਹੈ। ਜ਼ਿਕਰਯੋਗ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਸੀ.ਐਮ ਮਾਨ ਨੂੰ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਚੁੱਕਣ ਦੀ ਅਪੀਲ ਕੀਤੀ ਸੀ।
ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ ਇਸ ਸਬੰਧ ਵਿੱਚ ਇੱਕ ਵੀਡੀਓ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੀ ਝਾਂਕੀ ਨੂੰ ਹਟਾਉਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਅਜਿਹਾ ਕਰਨ ਲਈ ਭਾਜਪਾ ਸਰਕਾਰ ਨੂੰ ਘੇਰਿਆ ਹੈ। ਇਸ ਤੋਂ ਪਹਿਲਾਂ ਕਿਸੇ ਵੀ ‘ਆਪ’ ਆਗੂ ਨੇ ਇਸ ਮਾਮਲੇ ਨੂੰ ਲੈ ਕੇ ਕੋਈ ਇਤਰਾਜ਼ ਨਹੀਂ ਚੁੱਕਿਆ ਸੀ।
26Jan ਦੀ ਪਰੇਡ ‘ਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਦੇਕੇ ਬੀਜੇਪੀ ਸਰਕਾਰ ਨੇ ਪੰਜਾਬ ਤੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ https://t.co/yh45aTiEon
— Bhagwant Mann (@BhagwantMann) January 25, 2023
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਅਤੇ ਪੰਜਾਬੀਆਂ ਦਾ 90 ਫੀਸਦੀ ਯੋਗਦਾਨ ਹੈ। ਉਨ੍ਹਾਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਪੰਜਾਬ ਦੀ ਝਾਂਕੀ ਨਜ਼ਰ ਨਾ ਆਉਣ ਦਾ ਜ਼ਿਕਰ ਕਰਦਿਆ ਇਸ ਨੂੰ ਸ਼ਹੀਦਾਂ ਦਾ ਅਪਮਾਨ ਕਰਾਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਅੰਡੇਮਾਨ-ਨਿਕੋਬਾਰ ਵਿੱਚ ਕਾਲੇ ਪਾਣੀ ਦੀ ਸਜ਼ਾ ਭੁਗਤਣ ਵਾਲੇ 90 ਫੀਸਦੀ ਪੰਜਾਬੀ ਹਨ। ਉਨ੍ਹਾਂ ਪੰਜਾਬ ਦੀ ਝਾਂਕੀ ਨੂੰ ਹਟਾਉਣ ਨੂੰ ਪੰਜਾਬੀਆਂ ਨਾਲ ਧੋਖਾ ਦੱਸਦਿਆਂ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਭਾਜਪਾ ਆਗੂ ਪੰਜਾਬ ਦੀ ਅਣਦੇਖੀ ਦਾ ਮੁੱਦਾ ਚੁੱਕਣਗੇ। ਮੁੱਖ ਮੰਤਰੀ ਨੇ ਇਸ ਨੂੰ ਭਾਜਪਾ ਦੀ ਵੱਡੀ ਗਲਤੀ ਕਰਾਰ ਦਿੱਤਾ ਹੈ।