ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਪਹਿਲਾਂ ਹੀ ਸੂਬਾ ਸਰਕਾਰ ਦੇ 19 ਅਤੇ 20 ਜੂਨ ਨੂੰ ਬੁਲਾਏ ਗਏ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦੇ ਚੁੱਕੇ ਹਨ। ਹੁਣ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ ਗਏ ਚਾਰੇ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਜਾਵੇਗੀ। ਪੰਜਾਬ ਯੂਨੀਵਰਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਮਾਨ ਨੂੰ ਪੱਤਰਕਾਰਾਂ ਨੇ ਸਵਾਲ ਕੀਤਾ ਕਿ ਕੀ ਸੂਬਾ ਸਰਕਾਰ ਬਿਲਾਂ ਨੂੰ ਪਾਸ ਕਰਵਾਉਣ ਲਈ ਸੁਪਰੀਮ ਕੋਰਟ ਜਾਵੇਗੀ? ਮਾਨ ਨੇ ਕਿਹਾ ਕਿ ਕੁਝ ਸਮਾਂ ਉਡੀਕ ਕਰੋ, ਚਾਰੇ ਬਿੱਲ ਪਾਸ ਹੋ ਜਾਣਗੇ। ਵਿਧਾਨ ਸਭਾ ਸੈਸ਼ਨ ਦੀ ਜਾਇਜ਼ਤਾ ਬਾਰੇ ਰਾਜਪਾਲ ਦੀ ਟਿੱਪਣੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ (ਰਾਜਪਾਲ) ਅਨੁਸਾਰ ਬਜਟ ਸੈਸ਼ਨ ਵੀ ਗੈਰ-ਕਾਨੂੰਨੀ ਸੀ। ਸੁਪਰੀਮ ਕੋਰਟ ਵੱਲੋਂ ਕਾਨੂੰਨੀ ਪਹਿਲੂਆਂ ਬਾਰੇ ਯਾਦ ਦਿਵਾਉਣ ਤੋਂ ਬਾਅਦ ਹੀ ਉਨ੍ਹਾਂ ਨੇ ਬਜਟ ਸੈਸ਼ਨ ਨੂੰ ਮਨਜ਼ੂਰੀ ਦਿੱਤੀ।
ਜ਼ਿਕਰਯੋਗ ਹੈ ਕਿ ਰਾਜਪਾਲ ਪੁਰੋਹਿਤ ਨੇ ਸੋਮਵਾਰ ਨੂੰ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ 19-20 ਜੂਨ ਦੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ ਨਾਲ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ। ਰਾਜਪਾਲ ਨੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਕਰਵਾਇਆ ਕਿ ਰਾਜਪਾਲ ਰਾਸ਼ਟਰਪਤੀ ਦੁਆਰਾ ਨਿਯੁਕਤ ਸੰਵਿਧਾਨਕ ਅਥਾਰਟੀ ਹੈ। ਰਾਜਪਾਲ ਦੇ ਮੁੱਖ ਮੰਤਰੀ ਨੂੰ ਲਿਖੇ ਇਸ ਪੱਤਰ ਤੋਂ ਬਾਅਦ ਉਕਤ ਸੈਸ਼ਨ ਵਿੱਚ ਪਾਸ ਕੀਤੇ ਚਾਰ ਬਿੱਲਾਂ ਦੀ ਕਿਸਮਤ ਲਟਕ ਗਈ ਹੈ।