ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ‘ਚ ਹਾਲ ਹੀ ਵਿੱਚ ਹੋਈਆਂ ਹਿੰਸਕ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਭਾਈਚਾਰੇ ਨੇ ਕੈਨੇਡਾ ਨੂੰ ਆਪਣੇ ਦੂਜੇ ਘਰ ਵੱਜੋਂ ਅਪਣਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰੀ ਅਤੇ ਟੋਰਾਂਟੋ ਵਰਗੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਵੱਸਦੇ ਹਨ, ਜੋ ਸਰਬੱਤ ਦਾ ਭਲਾ ਦੇ ਸਿਧਾਂਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਮਿਹਨਤ ਦੇ ਬਲਬੂਤੇ ਉੱਥੇ ਆਪਣੀ ਪਛਾਣ ਬਣਾਈ ਹੈ।
ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਨਹੀਂ ਚਾਹੁੰਦਾ ਕਿ ਕੈਨੇਡਾ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ। ਮੈਂ ਇਸ ਦੀ ਨਿੰਦਾ ਕਰਦਾ ਹਾਂ ਅਤੇ ਮੋਦੀ ਸਰਕਾਰ ਨੂੰ ਇਸ ‘ਤੇ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।