ਬੀਤੇ ਕੁੱਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਕਾਫ਼ੀ ਗਰਮਾਈ ਹੋਈ ਹੈ। ਉੱਥੇ ਹੀ ਹੁਣ ਮੌਜੂਦਾ ਮੁੱਖ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਵੀ ਆਹਮੋ-ਸਾਹਮਣੇ ਹੋ ਗਏ ਨੇ। ਦਰਅਸਲ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਸਿੰਘ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਸੀ। CM ਮਾਨ ਨੇ ਇੱਕ ਟਵੀਟ ਕਰ ਸਾਬਕਾ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਸੀ ਕਿ ਕਿ – ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਝ ਪੰਜਾਬੀਆਂ ਸਾਹਮਣੇ ਰੱਖਾਂਗਾ…
ਪਰ ਇਸ ਮਾਮਲੇ ‘ਚ ਇੱਕ ਦਿਲਚਸਪ ਮੋੜ ਓਦੋਂ ਆ ਗਿਆ ਜਦੋਂ ਸੀਐਮ ਮਾਨ ਦੇ ਟਵੀਟ ਮਗਰੋਂ ਸਾਬਕਾ ਸੀਐਮ ਚੰਨੀ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਭਗਵੰਤ ਮਾਨ ਨੂੰ ਟਵੀਟ ਛੱਡ ਕੇ ਕਾਰਵਾਈ ਕਰਨ ਲਈ ਕਹਿ ਦਿੱਤਾ। ਦਰਅਸਲ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਗਏ ਇਲਜ਼ਾਮਾਂ ਦਾ ਜਵਾਬ ਦਿੱਤਾ ਅਤੇ ਆਪਣੇ ‘ਤੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ‘ਤੇ ਲੱਗੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਇਲਜ਼ਾਮ ਝੂਠੇ ਹਨ, ਉਨ੍ਹਾਂ ਦੇ ਭਤੀਜੇ ਨੇ ਵੀ ਅਜਿਹਾ ਕੁਝ ਨਹੀਂ ਕੀਤਾ, ਜਿਵੇਂ ਕਿ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਤੀਜੇ ਨੇ ਅਜਿਹਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਕੇਸ ਦਰਜ ਕਰੋ। ਚੰਨੀ ਨੇ ਕਿਹਾ ਕਿ ਮੈਂ ਅੱਜ ਤੱਕ ਕਿਸੇ ਤੋਂ ਇੱਕ ਰੁਪਿਆ ਵੀ ਰਿਸ਼ਵਤ ਨਹੀਂ ਲਈ ਹੈ। ਮੈਂ ਅਜਿਹੇ ਝੂਠੇ ਇਲਜ਼ਾਮਾਂ ਤੋਂ ਘਬਰਾਉਣ ਵਾਲਾ ਨਹੀਂ ਅਤੇ ਨਾ ਹੀ ਭੱਜਣ ਵਾਲਾ ਹਾਂ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ- ਜੇਕਰ ਕੋਈ ਸ਼ਿਕਾਇਤ ਆਈ ਹੈ ਤਾਂ ਜਾਂਚ ਕਰਕੇ ਪਰਚਾ ਦਰਜ ਕਰੋ। ਟਵੀਟ ਟਵੀਟ ਖੇਡਣ ਦਾ ਕੀ ਮਤਲਬ ਹੈ। ਮੈਂ ਗੁਰੂਘਰ ਵਿੱਚ ਆਪਣਾ ਪੱਖ ਪੇਸ਼ ਕੀਤਾ ਹੈ। ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਧਰਤੀ ‘ਤੇ ਕੋਈ ਝੂਠੀ ਸਹੁੰ ਨਹੀਂ ਚੁੱਕ ਸਕਦਾ। ਦੱਸ ਦਈਏ ਕਿ ਭਗਵੰਤ ਮਾਨ ਨੇ ਬੀਤੇ ਦਿਨੀਂ ਨੌਕਰੀ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਸਨ, ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਆਪਣੇ ਆਪ ਨੂੰ ਪਾਕ-ਸਾਫ ਦੱਸਦੇ ਹੋਏ ਗੁਰੂ ਘਰ ਵਿਚ ਅਰਦਾਸ ਵੀ ਕੀਤੀ ਸੀ। ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ‘ਤੇ ਇੱਕ ਕ੍ਰਿਕਟਰ ਤੋਂ ਸਰਕਾਰੀ ਨੌਕਰੀ ਦੇ ਬਦਲੇ 2 ਕਰੋੜ ਰੁਪਏ ਮੰਗਣ ਦਾ ਦੋਸ਼ ਲਗਾਇਆ ਹੈ। ਭਗਵੰਤ ਮਾਨ ਦੇ ਇਸ ਦਾਅਵੇ ਕਾਰਨ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।
ਦਰਅਸਲ ਇਹ ਮਾਮਲਾ ਉਦੋਂ ਸ਼ੁਰੂ ਹੋਇਆ ਸੀ ਜਦੋਂ ਸੰਗਰੂਰ ਦੇ ਦਿੜ੍ਹਬਾ ਅਤੇ ਚੀਮਾ ਵਿਖੇ ਤਹਿਸੀਲ ਕੰਪਲੈਕਸਾਂ ਦੀ ਸਥਾਪਨਾ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਜਦੋਂ ਉਹ ਪਿਛਲੇ ਹਫ਼ਤੇ ਇੰਡੀਅਨ ਪ੍ਰੀਮੀਅਰ ਲੀਗ ਦਾ ਮੈਚ ਦੇਖਣ ਹਿਮਾਚਲ ਪ੍ਰਦੇਸ਼ ਵਿੱਚ ਸਨ ਤਾਂ ਉਨ੍ਹਾਂ ਨਾਲ ਪੰਜਾਬ ਦੇ ਖਿਡਾਰੀ ਨੇ ਆਪਣਾ ਬਿਰਤਾਂਤ ਸਾਂਝਾ ਕੀਤੀ ਸੀ।
ਉੱਥੇ ਉਨ੍ਹਾਂ ਦੀ ਮੁਲਾਕਾਤ ਇੱਕ ਖਿਡਾਰੀ ਨਾਲ ਹੋਈ ਜਿਸ ਨੇ ਦੱਸਿਆ ਕਿ ਉਹ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੇਲੇ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਨੌਕਰੀ ਲੈਣ ਗਿਆ ਸੀ। ਕੈਪਟਨ ਨੇ ਉਸ ਨੂੰ ਕਿਹਾ ਕਿ ਤੁਹਾਡਾ ਕੰਮ ਹੋ ਜਾਵੇਗਾ। ਇਸ ਦੌਰਾਨ ਕਾਂਗਰਸ ਨੇ ਕੈਪਟਨ ਨੂੰ ਹਟਾ ਦਿੱਤਾ ਅਤੇ ਚੰਨੀ ਮੁੱਖ ਮੰਤਰੀ ਬਣ ਗਏ। ਇਸ ਤੋਂ ਬਾਅਦ ਜਦੋਂ ਖਿਡਾਰੀ ਚੰਨੀ ਨੂੰ ਮਿਲਿਆ ਤਾਂ ਉਨ੍ਹਾਂ ਨੇ ਉਸ ਨੂੰ ਆਪਣੇ ਭਤੀਜੇ ਨੂੰ ਮਿਲਣ ਲਈ ਕਿਹਾ। ਮਾਨ ਅਨੁਸਾਰ ਜਦੋਂ ਖਿਡਾਰੀ ਚੰਨੀ ਦੇ ਭਤੀਜੇ ਨੂੰ ਮਿਲਿਆ ਤਾਂ ਉਸ ਨੇ ਕਿਹਾ ਕਿ ਦੋ ਲੱਗਣਗੇ। ਖਿਡਾਰੀ ਨੇ ਸੋਚਿਆ ਕਿ ਸ਼ਾਇਦ ਉਹ 2 ਲੱਖ ਰੁਪਏ ਕਹਿ ਰਿਹਾ ਹੈ। ਇਸ ਲਈ ਜਦੋਂ ਉਹ ਦੋ ਲੱਖ ਰੁਪਏ ਲੈ ਕੇ ਪਹੁੰਚਿਆ ਤਾਂ ਚੰਨੀ ਦੇ ਭਤੀਜੇ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਕਿਉਂਕਿ ਉਸ ਮੁਤਾਬਕ ਦੋ ਮਤਲਬ ਦੋ ਕਰੋੜ ਰੁਪਏ ਸੀ।