ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਦੇ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਹਾਲ ਹੀ ਵਿੱਚ ਬਟਾਲਾ ਵਿੱਚ ਟਰੈਕਟਰ ’ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਦੀ ਮੌਤ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਣ ਦੀ ਲੋੜ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ ਸਟੰਟ ਕਰਕੇ ਇਸ ਨੂੰ ਮੌਤ ਦਾ ਦੂਤ ਨਾ ਬਣਾਓ। ਅੱਜ ਕੱਲ੍ਹ ਟਰੈਕਟਰ ਅਤੇ ਹੋਰ ਖੇਤੀ ਸੰਦ ਸਟੰਟ ਦਿਖਾਉਣ ਲਈ ਵਰਤੇ ਜਾ ਰਹੇ ਹਨ।
ਉਨ੍ਹਾਂ ਟਵੀਟ ਕਰ ਕਿਹਾ ਕਿ, “ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸੰਬੰਧਿਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ‘ਤੇ ਪੰਜਾਬ ‘ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..”