ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਪਾਰਟੀਆਂ ਦੇ ਆਪਸੀ ਗਠਜੋੜ ਬਾਰੇ ਨਾ ਸਿਰਫ਼ ਚਰਚਾ ਚੱਲ ਰਹੀ ਹੈ, ਸਗੋਂ ਨੇਤਾਵਾਂ ਦੇ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਵੀ ਹਨ। ਇਸ ਤੋਂ ਪਹਿਲਾਂ ਚਰਚਾ ਸੀ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾ ਸਕਦੇ ਹਨ ਪਰ ਸਿੱਧੂ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਸੀ। ਹੁਣ ਸਿਆਸੀ ਹਲਕਿਆਂ ‘ਚ ਚਰਚਾ ਚੱਲ ਰਹੀ ਹੈ ਕਿ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ ਪਰ ਕ੍ਰਿਕਟਰ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਚਰਚਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਯੁਵਰਾਜ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਅਦਾਕਾਰ ਸੰਨੀ ਦਿਓਲ ਨੇ ਗੁਰਦਾਸਪੁਰ ਸੀਟ ਤੋਂ ਚੋਣ ਲੜੀ ਸੀ ਅਤੇ ਜਿੱਤੇ ਸਨ। ਦਿਓਲ ਅੱਗੇ ਇਸ ਸੀਟ ਤੋਂ ਚੋਣ ਲੜਨ ਦੇ ਇੱਛੁਕ ਨਹੀਂ ਹਨ, ਜਿਸ ਕਾਰਨ ਭਾਜਪਾ ਨੇ ਗੁਰਦਾਸਪੁਰ ਸੀਟ ਲਈ ਹੁਣ ਤੋਂ ਹੀ ਨਵੇਂ ਚਿਹਰੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਵੀ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਸੀ।