ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ਵਿੱਚ ਦਲੇਰ ਮਹਿੰਦੀ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਦਲੇਰ ਮਹਿੰਦੀ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹੈ। ਜ਼ਮਾਨਤ ਦੇ ਹੁਕਮ ਜੇਲ੍ਹ ਪ੍ਰਸ਼ਾਸਨ ਕੋਲ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਵਿਰੁੱਧ ਅਪੀਲ ਕੀਤੀ ਸੀ ਪਰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ.ਐੱਸ.ਗਰੇਵਾਲ ਦੀ ਅਦਾਲਤ ਨੇ ਅਪੀਲ ਖਾਰਜ ਕਰ ਦਿੱਤੀ ਸੀ ਅਤੇ ਮਹਿੰਦੀ ਦੀ ਦੋ ਸਾਲ ਦੀ ਸਜ਼ਾ ਬਰਕਰਾਰ ਰੱਖੀ ਸੀ। ਅਦਾਲਤ ਦੇ ਫੈਸਲੇ ਤੋਂ ਬਾਅਦ ਮਹਿੰਦੀ ਨੂੰ 23 ਜੁਲਾਈ ਨੂੰ ਗ੍ਰਿਫ਼ਤਾਰ ਕਰਕੇ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਦੱਸ ਦੇਈਏ ਕਿ ਸਾਲ 2003 ‘ਚ ਮਹਿੰਦੀ ‘ਤੇ ਕਬੂਤਰਬਾਜ਼ੀ ਦਾ ਮਾਮਲਾ ਦਰਜ ਹੋਇਆ ਸੀ। ਦਲੇਰ ਮਹਿੰਦੀ ਅਤੇ ਉਸ ਦੇ ਭਰਾ ਸ਼ਮਸ਼ੇਰ ਸਿੰਘ ‘ਤੇ ਲੋਕਾਂ ਤੋਂ ਮੋਟੀ ਰਕਮ ਵਸੂਲਣ ਅਤੇ ਉਨ੍ਹਾਂ ਨੂੰ ਆਪਣੇ ਗਰੁੱਪ ਦਾ ਮੈਂਬਰ ਬਣਾ ਕੇ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦਾ ਦੋਸ਼ ਹੈ। 2018 ਵਿੱਚ, ਪਟਿਆਲਾ ਦੀ ਇੱਕ ਅਦਾਲਤ ਨੇ ਮਹਿੰਦੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ, ਪਰ ਦਲੇਰ ਮਹਿੰਦੀ ਨੇ ਸਜ਼ਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਐਡੀਸ਼ਨਲ ਸੈਸ਼ਨ ਜੱਜ, ਪਟਿਆਲਾ ਨੇ ਦਲੇਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਅਤੇ ਸਜ਼ਾ ਬਰਕਰਾਰ ਰੱਖੀ ਸੀ। ਇਸ ਤੋਂ ਬਾਅਦ ਮਹਿੰਦੀ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।
2003 ਦੇ ਇਸ ਮਾਮਲੇ ਵਿੱਚ ਪਟਿਆਲਾ ਸਦਰ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। 15 ਸਾਲਾਂ ਬਾਅਦ 16 ਮਾਰਚ 2018 ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਨਿਧੀ ਸੈਣੀ, ਪਟਿਆਲਾ ਦੀ ਅਦਾਲਤ ਨੇ ਮਹਿੰਦੀ ਨੂੰ ਧੋਖਾਧੜੀ ਅਤੇ ਸਾਜ਼ਿਸ਼ ਰਚਣ ਦਾ ਦੋਸ਼ੀ ਪਾਇਆ ਅਤੇ ਉਸਨੂੰ ਦੋ ਸਾਲ ਦੀ ਸਜ਼ਾ ਸੁਣਾਈ।
ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ਵਿੱਚ ਤਿੰਨ ਸਾਲ ਤੋਂ ਘੱਟ ਦੀ ਸਜ਼ਾ ਹੋਣ ਕਾਰਨ ਤੁਰੰਤ ਜ਼ਮਾਨਤ ਮਿਲ ਗਈ ਸੀ। ਇਸ ਕੇਸ ਦੇ ਦੋ ਹੋਰ ਮੁਲਜ਼ਮ ਸ਼ਮਸ਼ੇਰ ਸਿੰਘ ਅਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇੱਕ ਹੋਰ ਮੁਲਜ਼ਮ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ‘ਤੇ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।